ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਈਆ’ ਐਲਾਨਣਾ ਦੁਖਦਾਈ – ਦਲਜੀਤ ਸਿੰਘ ਚੀਮਾ

0
image

ਚੰਡੀਗੜ੍ਹ, 5 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਈਆ’ ਐਲਾਨਣ ‘ਤੇ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਜੋ ਵੀ ਹੋ ਰਿਹਾ ਹੈ, ਉਹ ਸਿੱਖ ਭਾਈਚਾਰੇ ਲਈ ਬਹੁਤ ਦੁਖਦਾਈ ਹੈ। ਸਿੰਘ ਸਾਹਿਬ ਖੁਦ ਇਸ ਮਾਮਲੇ ਦਾ ਨੋਟਿਸ ਲੈਣਗੇ ਕਿਉਂਕਿ ਇਹ ਕਿਸੇ ਰਾਜਨੀਤਿਕ ਵਿਅਕਤੀ ਬਾਰੇ ਨਹੀਂ ਹੈ। ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਹੈ, ਇਸ ਲਈ ਕੋਈ ਇਸ ਲਈ ਕਿਵੇਂ ਦੋਸ਼ੀ ਹੋ ਸਕਦਾ ਹੈ? ਕਿਸੇ ਰਾਜਨੀਤਿਕ ਨੇਤਾ ਦਾ ਨਾਮ ਕਿਉਂ ਆਉਣਾ ਚਾਹੀਦਾ ਹੈ? ਪਰ ਇਕ ਸਾਜ਼ਿਸ਼ ਲੰਬੇ ਸਮੇਂ ਤੋਂ ਚੱਲ ਰਹੀ ਹੈ। ਅੱਜ ਦੇਸ਼ ਵਿਚ ਕੁਝ ਤਾਕਤਾਂ ਅਜਿਹੀਆਂ ਹਨ ਕਿ ਉਹ ਸਿੱਖਾਂ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਵਿਰੁਧ ਕਈ ਤਰੀਕਿਆਂ ਨਾਲ ਗੱਲਾਂ ਕਰ ਰਹੀਆਂ ਹਨ।

ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੱਡਾ ਫ਼ੈਸਲਾ ਲੈ ਲਿਆ ਗਿਆ ਤੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪੇਸ਼ੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਫੋਨ ਕਰਕੇ ਹੋਰ ਸਮਾਂ ਲਿਆ ਗਿਆ ਸੀ ਪਰ ਇਸ ਦੇ ਵਿਚਾਲੇ ਵੀ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿਤਾ ਗਿਆ।

ਜਾਣਕਾਰੀ ਅਨੁਸਾਰ ਮਾਮਲਾ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਨਾਲ ਜੁੜਿਆ ਹੈ, ਜਿਨ੍ਹਾਂ ’ਤੇ ਲੱਗੇ ਗੰਭੀਰ ਇਲਜ਼ਾਮਾਂ ਦੇ ਚਲਦਿਆਂ ਉਨ੍ਹਾਂ ਨੂੰ ਲਾਂਭੇ ਕੀਤਾ ਗਿਆ ਸੀ ਪਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਪਿਆਰਿਆਂ ਦੀ ਇਕੱਤਰਤਾ ਵਲੋਂ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਦੀਆਂ ਸੇਵਾਵਾਂ ਨੂੰ ਬਹਾਲ ਕਰ ਦਿਤਾ ਗਿਆ ਸੀ, ਜਿਸ ’ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਵਿਰੋਧ ਜ਼ਾਹਿਰ ਕੀਤਾ ਗਿਆ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ, ਟੇਕ ਸਿੰਘ ਧਨੌਲਾ ਤੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਹੀ ਨਹੀਂ ਹੋਏ, ਜਿਸ ਤੋਂ ਬਾਅਦ ਪੰਜ ਪਿਆਰਿਆਂ ਨੇ ਆਪਣਾ ਫੈਸਲਾ ਸੁਣਾਇਆ।

Leave a Reply

Your email address will not be published. Required fields are marked *