ਵਾਰਡ ਨੰਬਰ 5 ਵਿੱਚ ਇੰਦੂ ਸੈਣੀ ਦੇ ਹੱਕ ਵਿੱਚ ਦੀਪਇੰਦਰ ਸਿੰਘ ਢਿੱਲੋਂ ਨੇ ਕੀਤੀ ਭਰਵੀਂ ਚੋਣ ਰੈਲੀ

ਡੇਰਾਬੱਸੀ, 23 ਮਈ (ਸੰਜੀਵ ਸਿੰਘ ਸੈਣੀ) ਨਗਰ ਕੌਂਸਲ ਚੋਣਾਂ ਨੂੰ ਲੈ ਕੇ ਡੇਰਾਬੱਸੀ ਵਿੱਚ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸੇ ਤਹਿਤ ਵਾਰਡ ਨੰਬਰ 5 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਇੰਦੂ ਸੈਣੀ ਪਤਨੀ ਚਮਨ ਸੈਣੀ ਦੇ ਹੱਕ ਵਿੱਚ ਕਾਂਗਰਸੀ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਗੁਲਮੋਹਰ ਸਿਟੀ ਵਿੱਚ ਭਰਵੀਂ ਚੋਣ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਦੀਪਇੰਦਰ ਸਿੰਘ ਢਿੱਲੋਂ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨਾਲ ਸੰਪਰਕ ਕੀਤਾ ਅਤੇ ਇੰਦੂ ਸੈਣੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇੰਦੂ ਸੈਣੀ ਨੂੰ ਜਿੱਤ ਮਿਲਦੀ ਹੈ ਤਾਂ ਵਾਰਡ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਸੜਕਾਂ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਉਮੀਦਵਾਰ ਇੰਦੂ ਸੈਣੀ ਨੇ ਵੀ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿੱਤ ਤੋਂ ਬਾਅਦ ਉਹ ਹਰ ਵੇਲੇ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ ਅਤੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
