ਦਿੱਲੀ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਦਿਤੀ ਐਨ.ਓ.ਸੀ.

ਵਿਦੇਸ਼ ਜਾਣ ’ਤੇ ਰੋਕ ਬਰਕਰਾਰ
ਨਵੀਂ ਦਿੱਲੀ, 7 ਜੂਨ (ਨਿਊਜ਼ ਟਾਊਨ ਨੈਟਵਰਕ) : ਦਿੱਲੀ ਦੀ ਇਕ ਅਦਾਲਤ ਨੇ ਸਨਿਚਰਵਾਰ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਾਸਪੋਰਟ ਨੂੰ ਨਵਿਆਉਣ (ਰੀਨਿਊ) ਲਈ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ (ਐਨ.ਓ.ਸੀ.) ਜਾਰੀ ਕਰਨ ਦੀ ਅਰਜ਼ੀ ਨੂੰ ਪ੍ਰਵਾਨਗੀ ਦੇ ਦਿਤੀ ਹੈ। ਟਾਈਟਲਰ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਅਦਾਲਤੀ ਸੁਣਵਾਈ ਦਾ ਸਾਹਮਣਾ ਕਰ ਰਹੇ ਹਨ। ਅਦਾਲਤ ਨੇ ਇਹ ਸਾਫ਼ ਕਰ ਦਿਤਾ ਹੈ ਕਿ ਉਹ ਅਦਾਲਤ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਵਿਦੇਸ਼ ਯਾਤਰਾ ਨਹੀਂ ਕਰ ਸਕਦੇ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਸਪਸ਼ਟ ਕਰਦਿਆਂ ਕਿਹਾ ਕਿ ਇਹ ਹੁਕਮ ਪਾਸਪੋਰਟ ਅਥਾਰਟੀ ਲਈ ਕੋਈ ਹੁਕਮ ਨਹੀਂ ਹੈ, ਬਲਕਿ ਸਿਰਫ਼ ਇਕ ‘ਨਾ-ਇਤਰਾਜ਼’ ਹੈ। ਅਦਾਲਤ ਨੇ ਟਾਈਟਲਰ ਦੇ ਵਤੀਰੇ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ, ‘ਬਿਨੈਕਾਰ ਮੁਕੱਦਮੇ ਦੀ ਸੁਣਵਾਈ ਦੌਰਾਨ ਨਿਯਮਿਤ ਤੌਰ ’ਤੇ ਅਦਾਲਤ ਵਿਚ ਪੇਸ਼ ਹੋ ਰਿਹਾ ਹੈ ਅਤੇ ਰੀਕਾਰਡ ’ਤੇ ਅਜਿਹਾ ਕੁੱਝ ਵੀ ਨਹੀਂ ਹੈ ਜੋ ਉਸ ’ਤੇ ਲਗਾਈਆਂ ਗਈਆਂ ਸ਼ਰਤਾਂ ਦੀ ਉਲੰਘਣਾ ਨੂੰ ਦਰਸਾਉਂਦਾ ਹੋਵੇ।’ ਸੀ.ਬੀ.ਆਈ. ਵਲੋਂ ਖ਼ਦਸ਼ਾ ਪ੍ਰਗਟਾਇਆ ਗਿਆ ਸੀ ਕਿ ਟਾਈਟਲਰ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਲਈ ਫ਼ਰਾਰ ਹੋ ਸਕਦੇ ਹਨ, ਪਰ ਅਦਾਲਤ ਨੇ ਇਸ ਨੂੰ ਖਾਰਜ ਕਰ ਦਿਤਾ। ਅਦਾਲਤ ਨੇ ਟਾਈਟਲਰ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਨਵਾਂ ਪਾਸਪੋਰਟ ਬਣਨ ਦੇ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਨੂੰ ਅਦਾਲਤ ਵਿਚ ਜਮ੍ਹਾਂ ਕਰਵਾਉਣ।
