ਛਤਰਪਤੀ ਕਤਲ ਕੇਸ ’ਚ ਡੇਰਾ ਮੁਖੀ ਨੂੰ ਮਿਲੀ ਰਾਹਤ

ਹਾਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਕੀਤਾ ਬਰੀ
CBI ਕੋਰਟ ਨੇ ਰਾਮ ਰਹੀਮ ਸਣੇ 3 ਪ੍ਰੇਮਿਆਂ ਨੂੰ ਉਮਰ ਕੈਦ ਦੀ ਸੁਣਾਈ ਸੀ ਸਜ਼ਾ

ਚੰਡੀਗੜ੍ਹ, 7 ਮਾਰਚ (ਦੁਰਗੇਸ਼ ਗਾਜਰੀ) : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ ਸੀਬੀਆਈ ਅਦਾਲਤ ਦੁਆਰਾ ਦੋਸ਼ੀ ਠਹਿਰਾਏ ਗਏ ਅਤੇ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਤਿੰਨ ਹੋਰ ਦੋਸ਼ੀਆਂ, ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਨੂੰ 24 ਅਕਤੂਬਰ 2002 ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ 21 ਨਵੰਬਰ ਨੂੰ ਹੋਈ। ਅਗਸਤ 2002 ਵਿੱਚ ਇੱਕ ਗੁਮਨਾਮ ਪੱਤਰ ਵਿੱਚ ਡੇਰਾ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਗਿਆ ਸੀ। ਛਤਰਪਤੀ ਨੇ ਇਹ ਪੱਤਰ ਆਪਣੇ ਅਖਬਾਰ ਵਿੱਚ ਪ੍ਰਕਾਸ਼ਿਤ ਕੀਤਾ। 2003 ਵਿੱਚ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਦੁਆਰਾ ਦਾਇਰ ਪਟੀਸ਼ਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਨਵੰਬਰ 2003 ਵਿੱਚ ਸੀਬੀਆਈ ਨੇ ਹਾਈ ਕੋਰਟ ਦੇ ਹੁਕਮਾਂ ‘ਤੇ ਐਫਆਈਆਰ ਦਰਜ ਕੀਤੀ। 2004 ਵਿੱਚ ਡੇਰਾ ਸੱਚਾ ਸੌਦਾ ਨੇ ਜਾਂਚ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਪਰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਲਗਭਗ 16 ਸਾਲਾਂ ਤੱਕ ਚੱਲੀ। ਦੱਸਣਯੋਗ ਹੈ ਕਿ ਸੀਬੀਆਈ ਨੇ 2018-2019 ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ। ਅਦਾਲਤ ਨੇ ਇਸਨੂੰ ਇੱਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਅਤੇ ਰਾਮ ਰਹੀਮ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਮੁਲਜ਼ਮ ਠਹਿਰਾਇਆ। ਗੁਰਮੀਤ ਰਾਮ ਰਹੀਮ ਨੇ 2019 ਦੇ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਸੀ, ਅਤੇ ਹਾਈ ਕੋਰਟ ਨੇ ਅੱਜ ਉਸਨੂੰ ਬਰੀ ਕਰ ਦਿੱਤਾ। ਗੁਰਮੀਤ ਰਾਮ ਰਹੀਮ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
