ਨਹੀਂ ਬਖਸ਼ਿਆ ਜਾਵੇਗਾ ਨਸ਼ੇ ਦੇ ਸੌੌਦਾਗਰਾਂ ਨੂੰ…


ਤਪਾ ਮੰਡੀ, 18 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਪੰਜਾਬ ਵਿੱਚ ਵਗ ਰਹੀ ਨਸ਼ੇ ਦੇ ਦਰਿਆ ਦੀ ਚੇਨ ਨੂੰ ਤੋੜਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਦਿੱਖ ਰਹੀ ਹੈ ਅਤੇ ਸਮੇਂ-ਸਮੇਂ ‘ਤੇ ਪੁਲਿਸ ਵੱਲੋਂ ਆਪਰੇਸ਼ਨ ਚਲਾ ਕੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਤੇ ਇਸੇ ਦੇ ਚਲਦੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ(ਡੀ)ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵੱਲੋਂ ਤਪਾ ਇਲਾਕੇ ਅੰਦਰ ਆਪਰੇਸ਼ਨ ਕਾਸੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੈਕਿੰਗ ਅਭਿਆਨ ਚਲਾਇਆ ਗਿਆ। ਜਿਸ ਦੇ ਚਲਦਿਆਂ ਪੁਲਿਸ ਵੱਲੋਂ ਬਾਜ਼ੀਗਰ ਬਸਤੀ, ਮਾਤਾ ਦਾਤੀ ਰੋਡ ਆਦਿ ਹੋਰ ਇਲਾਕਿਆਂ ‘ਚ ਤਲਾਸ਼ੀ ਲਈ ਗਈ ਅਤੇ ਲੋਕਾਂ ਨੂੰ ਇਹ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਕਿ ਜੇਕਰ ਕੋਈ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ(ਡੀ) ਅਸ਼ੋਕ ਸ਼ਰਮਾ ਨੇ ਦੱਸਿਆ ਕਿ ਆਪਰੇਸ਼ਨ ਕਾਸੋ ਤਹਿਤ ਅੱਜ ਪੁਲਿਸ ਵੱਲੋਂ ਤਪਾ ਇਲਾਕੇ ਅੰਦਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਸ਼ਖਸ ਮਿਲਦਾ ਹੈ ਤਾਂ ਉਸ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਆਪਰੇਸ਼ਨ ਚੱਲਦੇ ਰਹਿਣਗੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਕੋਹੜ ਤੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ੇ ਦੇ ਇਸ ਕੋਹੜ ਨੂੰ ਠੱਲ ਪਾਉਣ ਵਿੱਚ ਪੁਲਿਸ ਦਾ ਭਰਪੂਰ ਸਹਿਯੋਗ ਕਰਨ।
ਇਸ ਮੌਕੇ ਡੀ.ਐਸ.ਪੀ ਗੁਰਬਿੰਦਰ ਸਿੰਘ ਤਪਾ, ਥਾਣਾ ਮੁਖੀ ਰੇਨੂੰ ਪਰੋਚਾ ਰੂੜੇਕੇ ਕਲਾਂ, ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭਦੌੜ, ਸਬ ਇੰਸਪੈਕਟਰ ਬਲਵਿੰਦਰ ਸਿੰਘ,ਸਹਾਇਕ ਥਾਣੇਦਾਰ ਅਤਿੰਦਰ ਸਿੰਘ ਰੀਡਰ ਐਸ.ਪੀ(ਡੀ) ਬਰਨਾਲਾ, ਸਹਾਇਕ ਥਾਣੇਦਾਰ ਮਲਕੀਤ ਬਾਵਾ ਰੀਡਰ ਡੀ.ਐਸ.ਪੀ ਤਪਾ, ਸਹਾਇਕ ਥਾਣੇਦਾਰ ਭੋਲਾ ਸਿੰਘ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋ ਆਦਿ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਮੌਜੂਦ ਸਨ।