ਡੰਕੀ ਰੂਟ ਰਾਹੀਂ ਵਿਦੇਸ਼ ਭੇਜਣ ਵਾਲੇ ਏਜੰਟਾਂ ‘ਤੇ ਈਡੀ ਦੇ ਛਾਪੇ


ਚੰਡੀਗੜ੍ਹ, 9 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਜੋ ਪੰਜਾਬ ਅਤੇ ਹਰਿਆਣਾ ਤੋਂ ਲੋਕਾਂ ਨੂੰ ‘ਡੰਕੀ ਰੂਟ’ ਰਾਹੀਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਗੈਰ-ਕਾਨੂੰਨੀ ਢੰਗ ਨਾਲ ਭੇਜਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ ਅਤੇ ਕਰਨਾਲ ਸਮੇਤ ਕੁੱਲ 11 ਥਾਵਾਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਹ ਕਾਰਵਾਈ 17 ਐਫਆਈਆਰਜ਼ ਦੇ ਆਧਾਰ ‘ਤੇ ਕੀਤੀ ਗਈ ਹੈ ਜਿਨ੍ਹਾਂ ਵਿਚ ਡੰਕੀ ਰੂਟ ਰਾਹੀਂ ਵਿਦੇਸ਼ ਭੇਜੇ ਗਏ ਲੋਕਾਂ ਬਾਰੇ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਸਵੇਰ ਤੋਂ ਕੀਤੀ ਜਾ ਰਹੀ ਹੈ। ਛਾਪੇਮਾਰੀ ਖਤਮ ਹੋਣ ਤੋਂ ਬਾਅਦ ਈਡੀ ਵਲੋਂ ਮਾਮਲੇ ਵਿਚ ਸਪੱਸ਼ਟ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਹ ਰੈਕੇਟ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਸਾਹਮਣੇ ਆਇਆ ਹੈ। ਡਿਪੋਰਟ ਕੀਤੇ ਗਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਏਜੰਟਾਂ ਰਾਹੀਂ ਇਹ ਜੋਖਮ ਭਰਿਆ ਸਫ਼ਰ ਵੱਡੀ ਰਕਮ ਦੇ ਕੇ ਕੀਤਾ ਸੀ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਕਈ ਦਲਾਲਾਂ ਅਤੇ ਏਜੰਟਾਂ ਦੀ ਪਛਾਣ ਕੀਤੀ ਗਈ। ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਦੇ ਤਹਿਤ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਹੁਣ ਤਕ ਕਈ ਸ਼ੱਕੀ ਏਜੰਟਾਂ ਦੀ ਪਛਾਣ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਏਜੰਟਾਂ ਦੇ ਟਿਕਾਣਿਆਂ ਤੋਂ ਦਸਤਾਵੇਜ਼, ਨਕਦੀ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ।
ਅਧਿਕਾਰੀਆਂ ਅਨੁਸਾਰ, ਇਹ ਨੈੱਟਵਰਕ ਪੰਜਾਬ ਅਤੇ ਹਰਿਆਣਾ ਦੇ ਪੇਂਡੂ ਖੇਤਰਾਂ ਵਿਚ ਵਧੇਰੇ ਸਰਗਰਮ ਹੈ ਅਤੇ ਲੋਕਾਂ ਨੂੰ ਵਿਦੇਸ਼ਾਂ ਵਿਚ ਚੰਗੀ ਜ਼ਿੰਦਗੀ ਦਾ ਸੁਪਨਾ ਦਿਖਾ ਕੇ ਬੇਰੁਜ਼ਗਾਰੀ ਦਾ ਫਾਇਦਾ ਉਠਾ ਕੇ ਫਸਾਇਆ ਜਾਂਦਾ ਹੈ। ਈਡੀ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਇਸ ਪੂਰੇ ਨੈੱਟਵਰਕ ਨੂੰ ਖਤਮ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਜਾਂਚ ਜਾਰੀ ਰਹੇਗੀ।
ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਈਡੀ ਨੇ ਪੰਜਾਬ ਅਤੇ ਹਰਿਆਣਾ ਵਿਚ ਡੰਕੀ ਰੂਟ ਦੀ ਜਾਂਚ ਲਈ ਪੰਜਾਬ ਅਤੇ ਹੋਰ ਰਾਜਾਂ ਵਿਚ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਤੇ ਦਰਜਨਾਂ ਲੋਕਾਂ ਤੋਂ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਅੱਜ ਉਕਤ ਲਿੰਕ ਨੂੰ ਜੋੜਨ ਲਈ ਛਾਪੇਮਾਰੀ ਕੀਤੀ ਗਈ ਹੈ।
