ਸਿੱਖਿਆ ਮੰਤਰੀ ਵਲੋਂ ਸਿੱਖਿਆ ਮਿਆਰ ਦਾ ਉੱਚਾ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

0
WhatsApp Image 2025-07-26 at 7.24.17 PM

(ਧਰਮਵੀਰ ਸਿੰਘ)
ਸੰਗਰੂਰ, 26 ਜੁਲਾਈ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਕੇਵਲ ਦਿੱਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬਾਂ ਦਾ ਨਵੀਨੀਕਰਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਜਿਸ ਸਬੰਧੀ ਚੋਣ ਕੇਵਲ ਮੈਰਿਟ ਅਧਾਰਤ ਹੋਵੇਗੀ। ਕੈਬਨਿਟ ਮੰਤਰੀ ਨੇ ਇਸ ਨਾਲ ਹੀ ਕਿਹਾ ਕਿ ਲੈਕਚਰਾਰਾਂ ਦੀ ਤਰੱਕੀ, 400 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਅਤੇ ਸਕੂਲਾਂ ਵਿੱਚ ਬੈਠਣ ਤੇ ਸਫਾਈ ਦੀਆਂ ਸੁਵਿਧਾਵਾਂ ਵਿੱਚ ਸੁਧਾਰ ਵਰਗੀਆਂ ਕਈ ਪਹਿਲ-ਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਸਤੇ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਰਾਸ਼ਟਰੀ ਪੱਧਰ ‘ਤੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ।

Leave a Reply

Your email address will not be published. Required fields are marked *