ਗੁਰਦਾਸਪੁਰ ‘ਚ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੋਕਾਂ ਵੱਲੋਂ ਧਰਨਾ ਲਗਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਗੁਰਦਾਸਪੁਰ, 23 ਮਈ (ਨਿਊਜ਼ ਟਾਊਨ ਨੈਟਵਰਕ) : ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵੱਲੋਂ ਪੁਲ ਸਠਿਆਲੀ ਵਿਖੇ ਧਰਨਾ ਲਗਾ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਮ੍ਰਿਤਕ ਦੀ ਪਤਨੀ ਬਲਜੀਤ ਕੌਰ ਅਤੇ ਪੰਚ ਦਲੇਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕਾਹਨੂੰਵਾਨ ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤਾਂ ਵਿੱਚ ਗਿਆ ਹੋਇਆ ਸੀ। ਇਸ ਦੌਰਾਨ ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਰਾਜਨੀਤਕ ਰਸੂਖ਼ ਰੱਖਣ ਵਾਲੇ ਦੋ ਭਰਾਵਾਂ ਨਾਲ ਤਕਰਾਰ ਹੋ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਭਰਾਵਾਂ ਨੇ ਕੁਝ ਹੋਰ ਸਾਥੀਆਂ ਸਮੇਤ ਮਿਲ ਕੇ ਪਹਿਲਾਂ ਕੁਲਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਉਹ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਕੁਲਵਿੰਦਰ ਸਿੰਘ ਨੂੰ ਮੁੱਢਲਾ ਸਿਹਤ ਕੇਂਦਰ ਕਾਹਨੂੰਵਾਨ ਵਿਖੇ ਦਾਖ਼ਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਰੈਫ਼ਰ ਕਰ ਦਿੱਤਾ ਪਰ ਐਂਬੂਲੈਂਸ ਰਾਹੀਂ ਗੁਰਦਾਸਪੁਰ ਲੈ ਜਾਂਦੇ ਸਮੇਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਪੀੜਤ ਪਰਿਵਾਰ ਨੇ ਇਹ ਵੀ ਦੋਸ਼ ਲਗਾਏ ਕਿ ਘਟਨਾ ਤੋਂ ਬਾਅਦ ਹਮਲਾਵਰਾਂ ਨੇ ਆਪਣੇ ਆਪ ਨੂੰ ਝੂਠੀਆਂ ਸੱਟਾਂ ਲਗਾ ਕੇ ਮੁੱਢਲੇ ਸਿਹਤ ਕੇਂਦਰ ਵਿੱਚ ਦਾਖ਼ਲ ਹੋਣ ਦੀ ਕੋਸ਼ਸ਼ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪੁਲਿਸ ਮੌਕੇ ‘ਤੇ ਮੌਜੂਦ ਹੋਣ ਦੇ ਬਾਵਜੂਦ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਫ਼ਰਾਰ ਹੋਣ ਦਾ ਮੌਕਾ ਦਿੱਤਾ ਗਿਆ। ਘਟਨਾ ਤੋਂ ਬਾਅਦ ਨਵਾਂ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੋਸ ਦੀ ਲਹਿਰ ਫੈਲ ਗਈ।
