ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ

0

ਮਾਲੇਰਕੋਟਲਾ, 18 ਮਈ : (ਮੁਨਸ਼ੀ ਫਾਰੂਕ)  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਹਾਜ਼ਰੀ ਵਿੱਚ ਐਨ.ਆਈ.ਸੀ. ਦਫ਼ਤਰ ਵਿਖੇ ਕੀਤੀ ਗਈ। ਇਹ ਪ੍ਰਕਿਰਿਆ ਸਮਰਪਿਤ ਡੀ.ਆਈ.ਐਸ.ਈ. ਸਾਫ਼ਟਵੇਅਰ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਗਈ  ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੋਣ ਡਿਊਟੀਆਂ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਕੀਤੀ ਗਈ। ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ 864 ਅਧਿਕਾਰੀਆਂ/ਕਰਮਚਾਰੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 138 ਪੋਲਿੰਗ ਬੂਥਾਂ ’ਤੇ ਇੱਕ ਪ੍ਰੀਜ਼ਾਈਡਿੰਗ ਅਫ਼ਸਰ, ਇੱਕ ਏ.ਪੀ.ਆਰ.ਓ. ਅਤੇ ਦੋ ਪੋਲਿੰਗ ਅਫ਼ਸਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀ ਪ੍ਰਕਿਰਿਆ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਨੂੰ  ਸ਼ਾਂਤੀਪੂਰਨ, ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਦੇ ਆਪਣੇ ਮਤਾਧਿਕਾਰ ਦੀ ਵਰਤੋਂ ਕਰ ਸਕਣ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਰਿੰਦਰ ਸਿੰਘ ਢਿਲੋ, ਜ਼ਿਲਾ ਮੀਡੀਆ ਇੰਚਾਰਜ ਕਾਂਗਰਸ ਮੁਹੰਮਦ ਅਨਵਰ ਮਹਿਬੂਬ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਵਾਰਾ ਸਿੰਘ,ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜਨਰਲ ਸਕੱਤਰ ਬੀ.ਜੇ.ਪੀ ਸੰਦੀਪ ਸੂਦ  ਸੂਬਾ ਪ੍ਰਧਾਨ ਆਈ.ਯੂ.ਐਮ.ਐਲ  ਮਹਿਮੂਦ ਅਹਿਮਦ ਥਿੰਦ, ਜ਼ਿਲਾ ਸਕੱਤਰ ਸੀ.ਪੀ.ਆਈ.(ਐਮ) ਅਬਦੁਲ ਸਤਾਰ, ਸੀ.ਪੀ.ਆਈ.(ਐਮ) ਤੋਂ ਅਬਦੁੱਲ ਸਤਾਰ, ਜ਼ਿਲਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਡੀ.ਆਈ.ਓ ਸ਼ਾਈਨ ਕਮਲ, ਚੋਣ ਤਹਿਸੀਲਦਾਰ ਬ੍ਰਿਜ ਮੋਹਨ,ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ  ਵੀ ਹਾਜ਼ਰ ਸਨ।

Leave a Reply

Your email address will not be published. Required fields are marked *