ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਖਿਲਾਫ ਹਾਈ ਕੋਰਟ ’ਚ ਕੀਤਾ ਕੇਸ ਦਾਇਰ, ਪੜ੍ਹੋ ਵੇਰਵਾ

0
raghbir-singh-Giani-Sahib-1751258385063

ਚੰਡੀਗੜ੍ਹ, 30 ਜੂਨ,2025 (ਨਿਊਜ਼਼ ਟਾਊਨ ਨੈਟਵਰਕ) :

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਗਿਆਨੀ ਰਘਬੀਰ ਸਿੰਘ ਨੇ ਤੌਖਲਾ ਜ਼ਾਹਰ ਕੀਤਾ ਹੈ ਕਿ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਮੁਕਤ ਕੀਤਾ ਜਾ ਸਕਦਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਉਹਨਾਂ ਨੂੰ ਫਾਰਗ ਨਾ ਕਰੇ।

ਵਕੀਲ ਨਵੀਨ ਸ਼ਰਮਾ ਵੱਲੋਂ ਲਗਾਏ ਇਸ ਕੇਸ ਵਿਚ ਗਿਆਨੀ ਰਘਬੀਰ ਸਿੰਘ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ 02 ਦਸੰਬਰ 2024 ਵਾਲੇ ਹੋਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀਆਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਜੋਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਤੇ ਹੁਣ ਬਤੌਰ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਦੀਆਂ ਸੇਵਾਵਾਂ ਵੀ ਕਿਸੇ ਸਮੇਂ ਵੀ ਖਤਮ ਕੀਤੀਆਂ ਜਾ ਸਕਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਸਲਾਹਕਾਰ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਹਾਈ ਕੋਰਟ ਵਿਚ ਕੀਤੇ ਕੇਸ ਬਾਬਤ ਸ਼੍ਰੋਮਣੀ ਕਮੇਟੀ ਨੂੰ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਪਰ ਇਹਨਾਂ ਜਰੂਰ ਪਤਾ ਲੱਗਾ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਹਾਈ ਕੋਰਟ ਵਿਚ ਆਪਣਾ ਕੇਸ ਦਾਇਰ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਖਤਮ ਕਰਨ ਦਾ ਖਦਸ਼ਾ ਜਾਹਿਰ ਕੀਤਾ ਗਿਆ ਹੈ। ਐਡਵੋਕੇਟ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਚੁਣੀ ਹੋਈ ਸੰਸਥਾ ਹੈ ਅਤੇ 1925 ਦੇ ਐਕਟ ਦੇ ਅਧੀਨ ਸਰਵਿਸ ਰੂਲਜ਼ ਮੁਤਾਬਕ ਹੀ ਕਿਸੇ ਮੁਲਾਜਮ ਪ੍ਰਤੀ ਫੈਸਲਾ ਲੈਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੀ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਹੀ ਜਥੇਦਾਰ ਨਿਯੁਕਤ ਕੀਤਾ ਸੀ ਅਤੇ ਬਾਅਦ ਵਿੱਚ ਉਹਨਾਂ ਦੀਆਂ ਬਤੌਰ ਜਥੇਦਾਰ ਤੋ ਸੇਵਾਵਾਂ ਬਦਲਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਸੌਂਪੀਆਂ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਵਿਸ ਨਿਯਮਾਂ ਮੁਤਾਬਕ ਗਿਆਨੀ ਰਘਬੀਰ ਸਿੰਘ ਪਾਸੋਂ ਕਿਸੇ ਵੀ ਹੋਰ ਸਥਾਨ ‘ਤੇ ਸੇਵਾਵਾਂ ਲੈ ਸਕਦੀ ਹੈ। 

Leave a Reply

Your email address will not be published. Required fields are marked *