ਸਰਕਾਰੀ ਸੇਵਾ ਕੇਂਦਰ ਦਾ ਬਿਜਲੀ ਬਿੱਲ ਨਾ ਭਰਨ ‘ਤੇ ਕਨੈਕਸ਼ਨ ਕੱਟਿਆ

0
Sewa kendra

ਸਰਕਾਰੀ ਸੇਵਾ ਕੇਂਦਰ ਦਾ ਬਿਜਲੀ ਬਿੱਲ ਨਾ ...

ਰਾਜਪੁਰਾ : ਰਾਜਪੁਰਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਸਥਿਤ ਸਰਕਾਰੀ ਸੇਵਾ ਕੇਂਦਰ ਦੀ ਬਿਜਲੀ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕੌਮ ਵੱਲੋਂ ਕੱਟ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੇਵਾ ਕੇਂਦਰ ਦਾ ਸੰਚਾਲਨ ਕਰ ਰਹੀ ਨਿੱਜੀ ਕੰਪਨੀ ਨੇ ਸਮੇਂ ਸਿਰ ਬਿਜਲੀ ਦਾ ਬਿੱਲ ਜਮ੍ਹਾਂ ਨਹੀਂ ਕਰਵਾਇਆ, ਜਿਸ ਕਾਰਨ ਬਿਜਲੀ ਵਿਭਾਗ ਨੂੰ ਇਹ ਕਾਰਵਾਈ ਕਰਨੀ ਪਈ।

ਬਿਜਲੀ ਸਪਲਾਈ ਬੰਦ ਹੋਣ ਨਾਲ ਸੇਵਾ ਕੇਂਦਰ ਵਿੱਚ ਕੰਪਿਊਟਰ ਅਤੇ ਹੋਰ ਸਾਰੇ ਸਿਸਟਮ ਬੰਦ ਹੋ ਗਏ ਹਨ, ਜਿਸ ਕਾਰਨ ਸਰਕਾਰੀ ਸੇਵਾਵਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਸਵੇਰ ਤੋਂ ਹੀ ਵੱਖ-ਵੱਖ ਕੰਮਾਂ ਲਈ ਪੁੱਜੇ ਲੋਕਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਰਹਿਣ ਤੋਂ ਬਾਅਦ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ। ਲੋਕਾਂ ਨੇ ਇਸ ਲਾਪਰਵਾਹੀ ਲਈ ਠੇਕੇ ‘ਤੇ ਸੇਵਾ ਚਲਾ ਰਹੀ ਕੰਪਨੀ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਘਰ-ਘਰ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਠੇਕੇਦਾਰਾਂ ਦੀ ਗੈਰ-ਜ਼ਿੰਮੇਵਾਰੀ ਕਾਰਨ ਆਮ ਲੋਕਾਂ ਨੂੰ ਬੇਵਜ੍ਹਾ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਬਿੱਲ ਦੀ ਅਦਾਇਗੀ ਨਾ ਕਰਨ ਵਾਲੀ ਕੰਪਨੀ ਦਾ ਠੇਕਾ ਤੁਰੰਤ ਰੱਦ ਕਰਕੇ ਉਸ ਨੂੰ ਬਲੈਕਲਿਸਟ ਕੀਤਾ ਜਾਵੇ।

ਇਸ ਮਾਮਲੇ ਸਬੰਧੀ ਐੱਸ.ਡੀ.ਐੱਮ. ਰਾਜਪੁਰਾ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਚੁੱਕਾ ਹੈ। ਉਨ੍ਹਾਂ ਸੰਬੰਧਿਤ ਕੰਪਨੀ ਨੂੰ ਤੁਰੰਤ ਬਕਾਇਆ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਅਤੇ ਸੇਵਾ ਕੇਂਦਰ ਨੂੰ ਮੁੜ ਚਾਲੂ ਕਰਨ ਲਈ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਤਾਂ ਜੋ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਜਲਦ ਹੱਲ ਕੀਤਾ ਜਾ ਸਕੇ।

Leave a Reply

Your email address will not be published. Required fields are marked *