ਹੜ੍ਹਾਂ ਕਾਰਨ ਨੁਕਸਾਨੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ ਸਰਕਾਰ : CM ਮਾਨ

0
WhatsApp Image 2025-08-22 at 7.23.34 PM

ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿਤੇ
ਭਗਵੰਤ ਮਾਨ ਵਲੋਂ ਹੜ੍ਹ ਪ੍ਰਭਾਵਤ ਕਪੂਰਥਲਾ ਦਾ ਤੂਫ਼ਾਨੀ ਦੌਰਾ


(ਸਾਹਿਲ ਗੁਪਤਾ)
ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ। ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ।

Leave a Reply

Your email address will not be published. Required fields are marked *