ਹਾਈ ਕੋਰਟ ਨੇ ਨਸ਼ਾ ਤਸਕਰੀ ‘ਚ ਫਸਾਏ ਵਿਅਕਤੀ ਨੂੰ ਦਿਤੀ ਜ਼ਮਾਨਤ

0
p n h court

ਕਪੂਰਥਲਾ ਦੇ ਜ਼ਿਲ੍ਹਾ ਪਲਿਸ ਮੁਖੀ ਨੂੰ ਦਿਤੇ ਜਾਂਚ ਅਧਿਕਾਰੀ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼
(ਦੁਰਗੇਸ਼ ਗਾਜਰੀ)
ਚੰਡੀਗੜ੍ਹ, 16 ਅਕਤੂਬਰ : ਪੰਜਾਬ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ ਵਾਰ ਮੁੜ ਸਵਾਲਾਂ ਦੇ ਘੇਰੇ ਵਿਚ ਹੈ। ਕਪੂਰਥਲਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਲਜ਼ਾਮ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵਲੋਂ ਇਸ ਗ੍ਰਿਫ਼ਤਾਰੀ ਨੂੰ ਪੈਰਾਸੀਟਾਮੋਲ ਪਾਊਡਰ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਾ ਦੱਸਿਆ ਗਿਆ ਸੀ। ਹਾਲਾਂਕਿ, ਇਸ ਮਾਮਲੇ ਵਿਚ ਗ੍ਰਿਫ਼ਤਾਰ ਸ਼ਖ਼ਸ ਵਲੋਂ ਹਾਈ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਸ਼ਖ਼ਸ ਨੂੰ ਜ਼ਮਾਨਤ ਦੇ ਦਿਤੀ। ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਗ੍ਰਿਫ਼ਤਾਰ ਵਿਅਕਤੀ ਨੂੰ ਜਿਥੇ ਜ਼ਮਾਨਤ ਦੇ ਦਿਤੀ, ਉਥੇ ਨਾਲ ਹੀ ਕਪੂਰਥਲਾ ਦੇ ਐਸ.ਐਸ.ਪੀ ਨੂੰ ਮਾਮਲੇ ਵਿਚ ਜਾਂਚ ਅਧਿਕਾਰੀ ਵਿਰੁਧ ਸਖ਼ਤ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦਿਤੇ। ਜ਼ਿਕਰਯੋਗ ਹੈ ਕਿ ਫ਼ਗਵਾੜਾ ਦੇ ਸੰਦੀਪ ਨੂੰ ਪੁਲਿਸ ਨੇ 275 ਗ੍ਰਾਮ ਨਸ਼ੀਲੇ ਪਦਾਰਥ ਰੱਖਣ ਦੇ ਬਹਾਨੇ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਉਪਰੰਤ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਪਾਊਡਰ ਨਸ਼ੀਲਾ ਪਦਾਰਥ ਨਹੀਂ, ਸਗੋਂ ਪੈਰਾਸੀਟਾਮੋਲ ਸੀ। ਪਹਿਲਾਂ ਇਸ ਮਾਮਲੇ ਵਿਚ ਫੜੇ ਗਏ ਵਿਅਕਤੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿਤੀ ਗਈ, ਜਿਸ ‘ਤੇ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ। ਹਾਈ ਕੋਰਟ ਵਿਚ ਪੇਸ਼ ਕੀਤੀ ਗਈ ਰਿਪੋਰਟ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਵਿਅਕਤੀ ਨੂੰ ਪੈਰਾਸੀਟਾਮੋਲ ਪਾਊਡਰ ਇਕ ਨਸ਼ੀਲਾ ਪਦਾਰਥ ਹੋਣ ਦਾ ਦਾਅਵਾ ਕਰਕੇ ਫਸਾਇਆ ਗਿਆ ਸੀ। ਇਸ ‘ਤੇ ਹਾਈ ਕੋਰਟ ਨੇ ਮੁਲਜ਼ਮ ਨੂੰ ਜ਼ਮਾਨਤ ਦਿੰਦੇ ਹੋਏ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਹੁਣ ਕਪੂਰਥਲਾ ਦੇ ਐਸ.ਐਸ.ਪੀ ਨੂੰ ਇਸ ਮਾਮਲੇ ਦੇ ਜਾਂਚ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਹਾਈ ਕੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿਤੇ ਹਨ।

Leave a Reply

Your email address will not be published. Required fields are marked *