ਡੈਮਾਂ ਉਤੇ ਸੀ.ਆਈ.ਐਸ.ਐਫ਼. ਤਾਇਨਾਤ ਕਰਨ ਵਿਰੁਧ ਇਤਿਹਾਸਕ ਮਤਾ ਪਾਸ

0
Screenshot 2025-07-11 184703

ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਵੀ ਨਹੀਂ
(ਦੁਰਗੇਸ਼ ਗਾਜਰੀ)
ਚੰਡੀਗੜ੍ਹ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟ ਪਾਉ ਨੀਤੀਆਂ ਲਈ ਦੋਹਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ। ਡੈਮਾਂ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫ਼ਿਰਕੂ ਅਤੇ ਹੋਰ ਲੀਹਾਂ ‘ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤ ਵਿਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇਕੋ-ਇਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਸਕਦਾ ਹੈ। ਦੋਹਾਂ ਪਾਰਟੀਆਂ ਦੇ ਨਾਪਾਕ ਇਰਾਦਿਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖ਼ਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਅਤੇ ਇਹ ਕੇਂਦਰੀ ਅਨਾਜ ਪੂਲ ਵਿੱਚ 70 ਫ਼ੀ ਸਦੀ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ਵਿੱਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਸੂਬਿਆਂ ਵਿਚ ਕਈ ਚੀਜ਼ਾਂ ਇਕੋ ਜਿਹੀਆਂ ਹੋਣ ਦੇ ਬਾਵਜੂਦ ਅਜਿਹੀਆਂ ਤਾਕਤਾਂ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਉਤਸੁਕ ਰਹਿੰਦੀਆਂ ਹਨ ਕਿ ਦੋਵੇਂ ਸੂਬੇ ਪਾਣੀ ਵਰਗੇ ਮੁੱਦਿਆਂ ‘ਤੇ ਇੱਕ-ਦੂਜੇ ਨਾਲ ਲੜਦੇ ਰਹਿਣ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10,000 ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ, ਉਨ੍ਹਾਂ ਕਿਹਾ ਕਿ ਪਾਣੀ ਦਾ ਮੁੱਦਾ ਸੂਬੇ ਅਤੇ ਇਸ ਦੇ ਲੋਕਾਂ ਲਈ ਭਾਵਨਾਤਮਕ ਮੁੱਦਾ ਹੈ ਅਤੇ ਸੂਬਾ ਸਰਕਾਰ ਪਾਣੀ ਦੀ ਹਰ ਕੀਮਤੀ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਗਾਥਾ ਸਾਲ 1955 ਤੋਂ ਸ਼ੁਰੂ ਹੁੰਦੀ ਹੈ ਪਰ ਬਦਕਿਸਮਤੀ ਨਾਲ ਪਾਣੀਆਂ ਬਾਰੇ ਕੋਈ ਮੁਲਾਂਕਣ ਨਹੀਂ ਹੋਇਆ, ਜੋ ਕਿ ਹਰ 25 ਸਾਲਾਂ ਬਾਅਦ ਹੋਣੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲ ਹੀ ਦੇ ਫੈਸਲੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਨਦੀ) ਦੇ ਪਾਣੀਆਂ ਦੀ ਦੂਸਰੇ ਸੂਬਿਆਂ ਨੂੰ ਵਧ ਵਰਤੋਂ ਦਾ ਅਧਿਕਾਰ ਤਾਂ ਦੇ ਦਿੱਤਾ ਗਿਆ ਹੈ, ਜਦਕਿ ਪੰਜਾਬ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਵਿਚਾਰਿਆ ਗਿਆ ਹੈ, ਜੋ ਕਿ ਸੂਬੇ ਦਾ ਹੱਕ ਬਣਦਾ ਹੈ।

Leave a Reply

Your email address will not be published. Required fields are marked *