ਨਸ਼ਾ ਮੁਕਤੀ ਮੋਰਚੇ ਵੱਲੋਂ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਅਹਿਮ ਮੀਟਿੰਗ, ਡਿਫੈਂਸ ਕਮੇਟੀਆਂ ਨਾਲ ਕੀਤੀ ਗਈ ਵਿਚਾਰ-ਵਟਾਂਦਰਾ

ਅੰਮ੍ਰਿਤਸਰ, ( ਮਨਜੀਤ ਸਿੰਘ ਸ਼ੇਰਗਿੱਲ)
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਰੇ ਫੀਡਬੈਕ ਪ੍ਰਾਪਤ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਰਣਨੀਤੀ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਅਤੇ ਸਥਾਨਕ ਨੁਮਾਇੰਦੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਮੀਟਿੰਗ ਵਿੱਚ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਸਾਨੂੰ ਵੱਧ ਤੋਂ ਵੱਧ ਇਹਨਾਂ ਦਾ ਸਾਥ ਦੇਣਾ ਚਾਹੀਦਾ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਦਿਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਸਮਾਜਿਕ ਜਨ ਅੰਦੋਲਨ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਿੱਧੀ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।
ਇਸ ਮੌਕੇ ਸਾਹਿਬ ਸਿੰਘ, ਲੱਕੀ ਕਪੂਰ, ਐਸ. ਕੇ. ਕਲੇਰ ਅਤੇ ਪ੍ਰਸ਼ਾਸਨ ਵੱਲੋਂ ਹਿਤੇਸ਼ ਵੀਰ ਗੁਪਤਾ (ਨੋਡਲ ਅਫ਼ਸਰ ਪੂਰਬੀ-ਕਮ-ਆਰ.ਟੀ.ਓ. ਅੰਮ੍ਰਿਤਸਰ), ਰਵਿੰਦਰ ਸਿੰਘ (ਏ.ਸੀ.ਪੀ. ਪੂਰਬੀ) ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਪੂਰਬੀ ਦੇ ਸਮੂਹ ਬਲਾਕ ਪ੍ਰਧਾਨਾਂ, ਵਾਰਡਾਂ ਅਤੇ ਪਿੰਡਾਂ ਦੇ ਐਕਟਿੰਗ ਪ੍ਰਧਾਨਾਂ ਅਤੇ ਕਨਵੀਨਰਾਂ ਨੇ ਵੀ ਸ਼ਮੂਲੀਅਤ ਕੀਤੀ। ਸਾਰੇ ਹਾਜ਼ਰ ਮੈਂਬਰਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
ਬੁਲਾਰਿਆਂ ਨੇ ਕਿਹਾ ਕਿ ‘ਪਿੰਡਾਂ/ਸ਼ਹਿਰਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਦੀ ਭਾਵਨਾ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।
