ਚੋਣਾਂ ‘ਚ 10 ਮਹੀਨਿਆਂ ਤੋਂ ਵੀ ਘੱਟ ਸਮਾਂ, ਹੁਣ SIR ਕਿਉਂ ? : ਰਾਜਾ ਵੜਿੰਗ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ SIR ਦੇ ਸਮੇਂ ‘ਤੇ ਚੁੱਕੇ ਸਵਾਲ
ਚੰਡੀਗੜ੍ਹ, 14 ਮਈ (ਦੁਰਗੇਸ਼ ਗਾਜਰੀ) : ਚੋਣ ਕਮਿਸ਼ਨ ਨੇ ਪੰਜਾਬ ਵਿੱਚ 15 ਜੂਨ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਪ੍ਰਕਿਰਿਆ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਤੋਂ ਪਹਿਲਾਂ 2027 ਦੀ ਮਰਦਮਸ਼ੁਮਾਰੀ ਦੀ ਰਿਪੋਰਟ ਦੀ ਉਡੀਕ ਕਰਨੀ ਚਾਹੀਦੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਐੱਸ ਆਈ ਆਰ ਦੇ ਸਮੇਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਵਿੱਚ 10 ਮਹੀਨਿਆਂ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਤਾਂ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਨੇ ਇਹ ਬਿਨਾਂ ਕਿਸੇ ਸ਼ੱਕ ਦੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ, ਇੱਕ ‘ਆਗਿਆਕਾਰੀ ‘ਚੋਣ ਕਮਿਸ਼ਨ ਦੀ ਮਦਦ ਨਾਲ, ਵੋਟਰ ਸੂਚੀਆਂ ਦੀ ‘ਵਿਸ਼ੇਸ਼ ਸੁਧਾਈ’ ਦੀ ਧੋਖਾਧੜੀ ਵਾਲੀ ਕਾਰਵਾਈ ਰਾਹੀਂ ਚੋਣ ਨਤੀਜਿਆਂ ਨੂੰ ਆਪਣੇ ਹੱਕ ਵਿੱਚ ਮੋੜ ਸਕਦੀ ਹੈ।” ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਵੀ ਅਗਲੇ 10 ਮਹੀਨਿਆਂ ਦੇ ਅੰਦਰ, ਜਾਂ ਉਸ ਤੋਂ ਵੀ ਪਹਿਲਾਂ ਚੋਣਾਂ ਹੋਣ ਵਾਲੀਆਂ ਹਨ। ਉੱਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੰਗਾਲ ਵਿੱਚ 27 ਲੱਖ ਅਸਲ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, “ਕਿਉਂਕਿ ਸਮਾਂ ਬਹੁਤ ਥੋੜ੍ਹਾ ਸੀ, ਇਸ ਲਈ ਵੋਟਰ ਸੂਚੀ ਵਿੱਚ ਦੁਬਾਰਾ ਨਾਮ ਜੁੜਵਾਉਣ ਲਈ ਕੀਤੀਆਂ ਗਈਆਂ ਅਪੀਲਾਂ ‘ਤੇ ਚੋਣਾਂ ਤੋਂ ਪਹਿਲਾਂ ਕੋਈ ਫੈਸਲਾ ਨਹੀਂ ਹੋ ਸਕਿਆ। ਉਨ੍ਹਾਂ ਨੇ ਵੋਟ ਪਾਉਣ ਦਾ ਅਧਿਕਾਰ ਗੁਆ ਦਿੱਤਾ।” ਉਨ੍ਹਾਂ ਨੇ ਇੱਥੇ ਵੀ ਉਹੀ ਪ੍ਰਕਿਰਿਆ ਦੁਹਰਾਉਣ ਵਿਰੁੱਧ ਚਿਤਾਵਨੀ ਦਿੱਤੀ। ਦੂਜੇ ਪਾਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਐੱਸ ਆਈ ਆਰ ਸਿਰਫ ਪੰਜਾਬ ਵਿੱਚ ਹੀ ਕਿਉਂ ਕੀਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਲਗਪਗ ਇੱਕੋ ਸਮੇਂ ਹੋਣੀਆਂ ਹਨ ਅਤੇ ਉੱਤਰ ਪ੍ਰਦੇਸ਼ ਨੂੰ ਇਸ ਤੋਂ ਬਾਹਰ ਕਿਉਂ ਰੱਖਿਆ ਗਿਆ ਹੈ।ਰੰਧਾਵਾ ਨੇ ਕਿਹਾ, ”ਜੇਕਰ ਚੋਣ ਕਮਿਸ਼ਨ ਦਾ ਅਸਲੀ ਉਦੇਸ਼ ਵੋਟਰ ਸੂਚੀਆਂ ਨੂੰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ, ਤਾਂ ਇਹ ਪ੍ਰਕਿਰਿਆ ਚੋਣਾਂ ਤੋਂ ਬਾਅਦ ਵੀ ਕਰਵਾਈ ਜਾ ਸਕਦੀ ਸੀ। ਚੋਣਾਂ ਤੋਂ ਤੁਰੰਤ ਪਹਿਲਾਂ ਇਸ ਨੂੰ ਲਾਗੂ ਕਰਨਾ ਕੁਦਰਤੀ ਤੌਰ ‘ਤੇ ਲੋਕਾਂ ਵਿੱਚ ਸ਼ੱਕ ਪੈਦਾ ਕਰਦਾ ਹੈ ਕਿ ਇਸ ਦੇ ਪਿੱਛੇ ਕੋਈ ਸਿਆਸੀ ਮਕਸਦ ਹੋ ਸਕਦਾ ਹੈ।” ਰੰਧਾਵਾ ਨੇ ਕਿਹਾ ਕਿ ਕਾਂਗਰਸ ਆਪਣੇ ਵਰਕਰਾਂ ਅਤੇ ਆਗੂਆਂ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਯੋਗ ਵੋਟਰ ਆਪਣੇ ਲੋਕਤੰਤਰੀ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਰਾਖੀ ਕਰਨਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਰਾਜਨੀਤਿਕ ਤੌਰ ‘ਤੇ ਜਾਗਰੂਕ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ।
