ਮਜੀਠੀਆ ਕੇਸ: ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਰਵਾਏ ਬਿਆਨ ਦਰਜ


(ਦੁਰਗੇਸ਼ ਗਾਜਰੀ)
ਚੰਡੀਗੜ੍ਹ, 27 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ ਅਪਣੇ ਬਿਆਨ ਦਰਜ ਕਰਵਾਏ ਹਨ। ਜਦ ਮਜੀਠੀਆ ਵਿਰੁਧ ਡਰੱਗ ਕੇਸ ਦਰਜ ਹੋਇਆ ਸੀ ਤਾਂ ਚਟੋਪਾਧਿਆਏ ਪੰਜਾਬ ਦੇ ਡੀ.ਜੀ.ਪੀ. ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁਧ ਕਾਰਵਾਈ ਦੌਰਾਨ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲਿਸ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਬਿਕਰਮ ਮਜੀਠੀਆ ਨੂੰ ਬੀਤੇ ਕੱਲ ਸਖ਼ਤ ਸੁਰੱਖਿਆ ਹੇਠ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਮਜੀਠੀਆ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਜ਼ਿਰਕਯੋਗ ਹੈ ਕਿ ਨਵੀਂ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਦਰਜ ਕੀਤੇ ਗਏ ਮੁਕੱਦਮੇ ਵਿਚ ਕੀਤੀ ਗਈ ਹੈ ਪਰ ਨਾਲ-ਨਾਲ ਹੁਣ ਪੁਰਾਣੇ ਕੇਸ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।