ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੀਆਂ ਰਿਹਾਇਸ਼ਾਂ ਛਾਣ ਮਾਰੀਆਂ…

0
bikram majithiya

ਜਿੰਨੇ ਮਰਜ਼ੀ ਪਰਚੇ ਦਰਜ ਕਰ ਲਉ, ਇਹ ਆਵਾਜ਼ ਬੰਦ ਨਹੀਂ ਹੋਵੇਗੀ : ਮਜੀਠੀਆ
ਕਿਹਾ, ਭਗਵੰਤ ਮਾਨ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ



ਅੰਮ੍ਰਿਤਸਰ/ਚੰਡੀਗੜ੍ਹ, 25 ਜੂਨ (ਨਿਊਜ਼ ਟਾਊਨ ਨੈਟਵਰਕ) : ਅੱਜ ਸਵੇਰੇ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ਉਤੇ ਛਾਪੇ ਮਾਰੇ ਗਏ। ਸਵੇਰੇ-ਸਵੇਰੇ ਅੰਮ੍ਰਿਤਸਰ ਦੀ ਰਿਹਾਇਸ਼ ਉਤੇ ਵਿਜ਼ੀਲੈਂਸ ਦੀ ਵੱਡੀ ਟੀਮ ਮਜੀਠੀਆ ਦੇ ਘਰ ਪਹੁੰਚੀ ਜਦਕਿ ਕੁੱਝ ਹੀ ਸਮੇਂ ਬਾਅਦ ਚੰਡੀਗੜ੍ਹ ਦੇ ਸੈਕਟਰ-4 ਸਥਿਤ ਘਰ ਵਿਚ ਵੀ ਵਿਜ਼ੀਲੈਂਸ ਦੀ ਟੀਮ ਪੁੱਜ ਗਈ। ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਗਾਇਆ ਕਿ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਨਾ ਪ੍ਰੈਸ ਨੂੰ ਘਰ ਵਿਚ ਦਾਖ਼ਲ ਹੋ ਦਿਤਾ ਗਿਆ ਅਤੇ ਨਾ ਹੀ ਉਨ੍ਹਾਂ ਦੇ ਸਮਰਥਕਾਂ ਨੂੰ ਘਰ ਅੰਦਰ ਜਾਣ ਦੀ ਇਜਾਜ਼ਤ ਦਿਤੀ ਗਈ। ਵਿਜ਼ੀਲੈਂਸ ਦੀ ਟੀਮ ਨੇ ਦਰਵਾਜ਼ਿਆਂ ਵਿਚ ਠੁੱਢੇ ਮਾਰੇ ਗਏ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਵਿਜ਼ੀਲੈਂਸ ਖ਼ੁਦ ਹੀ ਕੋਈ ਨਾ ਕੋਈ ਚੀਜ਼ ਘਰ ਅੰਦਰ ਰੱਖ ਕੇ ਝੂਠੇ ਪਰਚੇ ਦਰਜ ਕਰ ਸਕਦੀ ਹੈ ਜਾਂ ਕੋਈ ਸਾਜ਼ਿਸ਼ ਰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਉਨ੍ਹਾਂ ਵਿਰੁਧ ਪਰਚਾ ਦਰਜ ਕੀਤਾ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਕੇ ਸਾਬਤ ਕੀਤਾ ਕਿ ਦੋਸ਼ ਬੇਬੁਨਿਆਦ ਸਨ। ਇਹੀ ਹਾਲ ਹੁਣ ਹੋਵੇਗਾ। ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਵਿਜ਼ੀਲੈਂਸ ਦੀ ਇਸ ਕਾਰਵਾਈ ਨੂੰ ਰਾਜਨੀਤਿਕ ਬਦਲਾਖੋਰੀ ਦਾ ਹਿੱਸਾ ਦੱਸਿਆ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਵਲੋਂ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਮੁੱਚੀ ਪਾਰਟੀ ਇਸ ਵੇਲੇ ਬਿਕਰਮ ਸਿੰਘ ਮਜੀਠੀਆ ਦੇ ਨਾਲ ਖੜੀ ਹੈ। ਜਾਂਚ ਸਮੇਂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਸਨ। ਛਾਪਿਆਂ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਵੀਡੀਉ ਜਾਰੀ ਕਰਕੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁਧ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਮੈਂ ਬਹੁਤ ਪਹਿਲਾਂ ਹੀ ਦੱਸ ਦਿਤਾ ਸੀ ਕਿ ਜਦ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭ ਸਕਿਆ ਤਾਂ ਹੁਣ ਮੇਰੇ ਵਿਰੁਧ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ ਐਸ.ਐਸ.ਪੀ. ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇ ਮਾਰੇ ਹਨ। ਭਗਵੰਤ ਮਾਨ ਜੀ ਇਹ ਗੱਲ ਸਮਝ ਲਉ, ਜਿੰਨੇ ਮਰਜ਼ੀ ਪਰਚੇ ਦਰਜ ਕਰ ਦਿਉ, ਨਾ ਤਾਂ ਮੈਂ ਡਰਾਂਗਾ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ‘ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ”

Leave a Reply

Your email address will not be published. Required fields are marked *