ਘੱਲੂਘਾਰਾ ਦਿਵਸ ਸਮਾਗਮ ਦੌਰਾਨ ਮਾਨ ਦਾ ਤਿੱਖਾ ਸੰਬੋਧਨ, ਖਾਲਿਸਤਾਨ ਦੇ ਨਾਅਰਿਆਂ ਨਾਲ ਗੂੰਜਿਆ ਅੰਮ੍ਰਿਤਸਰ 

0

ਅੰਮ੍ਰਿਤਸਰ, : ਗੁਰਨਾਮ ਸਿੰਘ ਲਾਲੀ 

ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤਿੱਖਾ ਸੰਬੋਧਨ ਕਰਦਿਆਂ ਕਈ ਧਾਰਮਿਕ, ਸਿਆਸੀ ਅਤੇ ਪੰਥਕ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਮਾਨ ਦੇ ਸੰਬੋਧਨ ਦੌਰਾਨ ਉੱਚੀ ਆਵਾਜ਼ ਵਿੱਚ ਖਾਲਿਸਤਾਨ ਪੱਖੀ ਨਾਅਰੇ ਵੀ ਗੂੰਜਦੇ ਰਹੇ।

ਮਾਨ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਆਖਰੀ ਇਤਿਹਾਸਕ ਐਲਾਨ ਇਹ ਸੀ ਕਿ ਜਿਸ ਦਿਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਜਾਵੇਗਾ, ਉਸੇ ਦਿਨ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਹਾਲੀਆ ਸਮਾਗਮਾਂ ਅਤੇ ਭਾਸ਼ਣਾਂ ਦੌਰਾਨ ਮੌਜੂਦਾ ਸਿੱਖ ਆਗੂ ਇਸ ਐਲਾਨ ਦਾ ਜ਼ਿਕਰ ਕਰਨ ਤੋਂ ਕਤਰਾ ਰਹੇ ਹਨ।

ਆਪਣੇ ਭਾਸ਼ਣ ਵਿੱਚ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ‘ਤੇ ਵੀ ਸਬਦੀ ਹਮਲੇ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 81 ਸਾਲ ਦੀ ਉਮਰ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਸੰਤ ਭਿੰਡਰਾਂਵਾਲਿਆਂ ਦੀ ਵਿਚਾਰਧਾਰਾ ਤੋਂ ਬਿਨਾਂ ਸਮਝੌਤਾ ਨਹੀਂ ਕਰਨਗੇ।

ਮਾਨ ਨੇ ਧੁੰਮਾ ‘ਤੇ ਗ਼ੈਰ-ਸਿੱਖ ਧਾਰਮਿਕ ਰੀਤੀ-ਰਿਵਾਜਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਜਿਹੇ ਕਦਮਾਂ ਕਾਰਨ ਉਹ ਟਕਸਾਲ ਦੀ ਅਗਵਾਈ ਕਰਨ ਦੀ ਨੈਤਿਕ ਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਿੱਖਾਂ ‘ਤੇ ਸਰਕਾਰੀ ਜ਼ੁਲਮ ਦੇ ਦੌਰ ਵਿੱਚ ਧੁੰਮਾ ਵਿਦੇਸ਼ ਚਲੇ ਗਏ ਸਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਧੁੰਮਾ ਨੂੰ ਦੇਸ਼ ਦੀ ਉੱਚ ਸਿਆਸੀ ਅਤੇ ਸੁਰੱਖਿਆ ਲੀਡਰਸ਼ਿਪ ਦੀ ਹਮਾਇਤ ਪ੍ਰਾਪਤ ਹੈ। ਉਨ੍ਹਾਂ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਅਤੇ ਪੈਰੋਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਲੀਡਰਸ਼ਿਪ ਤੋਂ ਖਾਲਿਸਤਾਨ ਅਤੇ ਸੰਤ ਭਿੰਡਰਾਂਵਾਲਿਆਂ ਦੇ ਵਿਚਾਰਾਂ ਬਾਰੇ ਸਪੱਸ਼ਟ ਸਟੈਂਡ ਮੰਗਣ।

ਆਪਣੇ ਸੰਬੋਧਨ ਦੇ ਅੰਤ ਵਿੱਚ ਮਾਨ ਨੇ ਕਿਹਾ ਕਿ ਕਈ ਸਿਆਸੀ ਪਾਰਟੀਆਂ, ਜਿਨ੍ਹਾਂ ਨੇ ਕਦੇ ਸੰਤ ਭਿੰਡਰਾਂਵਾਲਿਆਂ ਪ੍ਰਤੀ ਵਫ਼ਾਦਾਰੀ ਦਾ ਦਾਅਵਾ ਕੀਤਾ ਸੀ, ਹੁਣ ਉਨ੍ਹਾਂ ਦੇ ਮੁੱਦਿਆਂ ਤੋਂ ਪਿੱਛੇ ਹਟ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਹੀ ਅੱਜ ਵੀ ਉਨ੍ਹਾਂ ਵਿਚਾਰਾਂ ਦੀ ਖੁੱਲ੍ਹ ਕੇ ਪੈਰਵੀ ਕਰ ਰਹੀ ਹੈ। ਸ੍ਰੀ

ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਸਰਕਾਰੀ ਕਾਨੂੰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੰਬੀ ਦੇਰੀ ਕਾਰਨ ਕਮੇਟੀ ਦਾ ਪ੍ਰਬੰਧਕੀ ਢਾਂਚਾ ਪ੍ਰਭਾਵਿਤ ਹੋਇਆ ਹੈ ਅਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਨੇ ਇਸ ਦੇ ਨਾਲ ਹੀ ਸਪਸ਼ਟ ਕੀਤਾ ਕਿ ਅਸੀਂ ਦਮਦਮੀ ਟਕਸਾਲ ਦਾ ਬਹੁਤ ਸਤਿਕਾਰ ਕਰਦੇ ਹਾਂ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ ਅਤੇ ਮਾਨ ਦੇ ਸੰਬੋਧਨ ਦੌਰਾਨ ਅਕਾਲ ਤਖ਼ਤ ਸਾਹਿਬ ਦਾ ਪਾਸਾ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਗੂੰਜਦਾ ਰਿਹਾ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਗੁਰਜੰਟ ਸਿੰਘ ਕੱਟੂ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਜਥੇਬੰਦੀ ਦੇ ਸਮੂਹ ਆਗੂ ਅਤੇ ਵਰਕਰ ਮੈਂਬਰ ਹਾਜ਼ਰ ਸਨ ।

Leave a Reply

Your email address will not be published. Required fields are marked *