ਮਾਈਨਿੰਗ ਮਾਮਲੇ ‘ਚ ਵਿਧਾਇਕ ਹਰਮੀਤ ਪਠਾਣਮਾਜਰਾ 4 ਦਿਨਾਂ ਪੁਲਿਸ ਰਿਮਾਂਡ ‘ਤੇ

ਪਟਿਆਲਾ, 7 ਮਈ (ਰਾਜਿੰਦਰ ਸਿੰਘ ਥਿੰਦ) : ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਵਿੱਚ ਅੱਜ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਪ੍ਰੰਗਣ ਵਿੱਚ ਸੁਰੱਖਿਆ ਦੇ ਕੜੇ ਇੰਤਜ਼ਾਮ ਵੀ ਦੇਖਣ ਨੂੰ ਮਿਲੇ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅਦਾਲਤ ਕੋਲ ਵਿਧਾਇਕ ਪਠਾਣਮਾਜਰਾ ਦਾ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਤਾਂ ਜੋ ਮਾਮਲੇ ਨਾਲ ਸੰਬੰਧਤ ਹੋਰ ਪੁੱਛਗਿੱਛ ਕੀਤੀ ਜਾ ਸਕੇ ਅਤੇ ਤੱਥਾਂ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ। ਹਾਲਾਂਕਿ ਅਦਾਲਤ ਵੱਲੋਂ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 4 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਗਿਆ। ਇਸ ਮੌਕੇ ਅਦਾਲਤ ਦੇ ਬਾਹਰ ਵਿਧਾਇਕ ਪਠਾਣਮਾਜਰਾ ਦੇ ਸਮਰਥਕਾਂ ਦੀ ਵੱਡੀ ਗਿਣਤੀ ਇਕੱਠੀ ਹੋਈ। ਸਮਰਥਕਾਂ ਵੱਲੋਂ ਆਪਣੇ ਆਗੂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਉਹਨਾਂ ਨੇ ਪੂਰਾ ਸਮਰਥਨ ਦੇਣ ਦੀ ਗੱਲ ਆਖੀ। ਅਦਾਲਤ ਦੇ ਬਾਹਰ ਪੁਲਿਸ ਫੋਰਸ ਵੀ ਤੈਨਾਤ ਰਹੀ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ ਉੱਥੇ ਹੀ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਤਫਤੀਸ਼ ਅੱਗੇ ਵਧਾਈ ਜਾਵੇਗੀ। ਮਾਈਨਿੰਗ ਮਾਮਲੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਧਿਰਾਂ ਵੱਲੋਂ ਇਸ ਮਾਮਲੇ ’ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
