MLA ਕੁਲਦੀਪ ਸਿੰਘ ਕਾਲਾ ਢਿੱਲੋਂ ਲਗਾਤਾਰ ਦੂਜੀ ਵਾਰ ਬਣੇ ਜ਼ਿਲ੍ਹਾ ਕਾਂਗਰਸ ਪ੍ਰਧਾਨ


ਬਰਨਾਲਾ, 12 ਨਵੰਬਰ (ਅਮਜ਼ਦ ਖਾਨ ਦੁੱਗਾਂ) : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਕੇ.ਸੀ. ਵੇਣੂਗੋਪਾਲ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ, ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ‘ਤੇ ਦੁਬਾਰਾ ਭਰੋਸਾ ਜਤਾਏ ਜਾਣ ਨਾਲ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਵਿੱਚ ਨਵਾਂ ਜੋਸ਼ ਭਰ ਗਿਆ ਹੈ।
ਆਪਣੀ ਨਿਯੁਕਤੀ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੈਂ ਦਿਲ ਦੀਆਂ ਗਹਿਰਾਈਆਂ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਸ਼੍ਰੀ ਮਲਿਕਰਜੁਨ ਖੜਗੇ ਸਾਹਿਬ, ਸ਼੍ਰੀ ਰਾਹੁਲ ਗਾਂਧੀ, ਸ਼੍ਰੀ ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਮੇਰੇ ਵੱਡੇ ਭਰਾ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਦੂਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦਾ ਪ੍ਰਧਾਨ ਬਣਾ ਕੇ ਮੇਰੇ ‘ਤੇ ਭਰੋਸਾ ਜਤਾਇਆ ਹੈ।”
ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਇਹ ਭਰੋਸਾ ਉਨ੍ਹਾਂ ਲਈ ਇੱਕ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਨੂੰ ਭਰੋਸਾ ਦਿੰਦੇ ਹੋਏ ਆਪਣਾ ਭਵਿੱਖੀ ਟੀਚਾ ਸਪੱਸ਼ਟ ਕੀਤਾ। ਉਨ੍ਹਾਂ ਕਿਹਾ, “ਮੈਂ ਵਾਅਦਾ ਕਰਦਾ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਮੇਰਾ ਮੁੱਖ ਟੀਚਾ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਾਂਗਰਸ ਦੇ ਹਰੇਕ ਵਰਕਰ ਨੂੰ ਨਾਲ ਲੈ ਕੇ ਚੱਲਾਂ ਅਤੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਹਰ ਮੁੱਦੇ ‘ਤੇ ਪਾਰਟੀ ਦੀ ਆਵਾਜ਼ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇ।”
ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਉੱਚ ਪੱਧਰ ‘ਤੇ ਪਹੁੰਚਾਇਆ ਜਾਵੇਗਾ।
ਵਿਧਾਇਕ ਢਿੱਲੋਂ ਨੇ ਆਪਣੇ ਸਮੂਹ ਸਾਥੀਆਂ, ਆਗੂਆਂ, ਵਰਕਰਾਂ ਅਤੇ ਕਾਂਗਰਸ ਪਰਿਵਾਰ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਂ ਉਨ੍ਹਾਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਹਮੇਸ਼ਾ ਮੈਨੂੰ ਪਿਆਰ, ਸਹਿਯੋਗ ਅਤੇ ਵਿਸ਼ਵਾਸ ਦਿੱਤਾ ਹੈ। ਮੇਰੇ ਸਾਥੀਆਂ ਦਾ ਇਹ ਸਮਰਥਨ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ।”
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਕਿਹਾ, “ਮੈਂ ਹਮੇਸ਼ਾ ਕਾਂਗਰਸ ਪਾਰਟੀ ਦੀ ਮਜ਼ਬੂਤੀ, ਲੋਕਾਂ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਆਵਾਜ਼ ਉਠਾਈ ਹੈ, ਅਤੇ ਅੱਗੇ ਵੀ ਉਠਾਉਂਦਾ ਰਹਾਂਗਾ। ਮੈਂ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਵਾਂਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗਾ।”
ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਹੋਰ ਵੱਡੀ ਸਫਲਤਾ ਮਿਲ ਸਕੇ। ਕਾਲਾ ਢਿੱਲੋਂ ਦੀ ਦੂਜੀ ਵਾਰ ਨਿਯੁਕਤੀ ਨੂੰ ਜ਼ਿਲ੍ਹਾ ਕਾਂਗਰਸ ਵਿੱਚ ਸਥਿਰਤਾ ਅਤੇ ਇੱਕਜੁੱਟਤਾ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
