‘ਪੰਜਾਬ ਨੂੰ ਰਾਹਤ ਪੈਕੇਜ ਦੇਣ ‘ਚ ਮੋਦੀ ਸਰਕਾਰ ਨੇ ਕੀਤਾ ਮਤਰਈ ਮਾਂ ਵਾਲਾ ਸਲੂਕ’


ਫਗਵਾੜਾ, 11 ਸਤੰਬਰ (ਸੁਸ਼ੀਲ ਸ਼ਰਮਾ)
ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਹੋਏ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਨਾਕਾਫ਼ੀ ਦੱਸਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਅਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਕਿਹਾ ਕਿ ਹੜ੍ਹ ਨਾਲ ਸੂਬੇ ਦਾ ਜਿੰਨਾ ਨੁਕਸਾਨ ਹੋਇਆ ਹੈ, ਉਸਨੂੰ ਦੇਖਦੇ ਹੋਏ ਘੱਟੋ-ਘੱਟ 60 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ। ਉਹਨਾਂ ਦੱਸਿਆ ਕਿ ਸਰਕਾਰੀ ਆਂਕੜਿਆਂ ਮੁਤਾਬਕ ਮੌਜੂਦਾ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ ਹਨ। ਵੱਡੀ ਗਿਣਤੀ ‘ਚ ਪਸ਼ੂਆਂ ਦੀ ਵੀ ਮੌਤ ਹੋਈ ਹੈ। ਪੰਜਾਬ ਦੇ 22 ਜ਼ਿਲਿ੍ਹਆਂ ਦੇ 2,097 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਲਗਭਗ 1.91 ਲੱਖ ਹੈਕਟੇਅਰ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਸੜਕਾਂ ਤੇ ਲੋਕਾਂ ਦੇ ਘਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਸਿਰਫ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਲਈ ਨਾਮ ਮਾਤਰ 50 ਹਜਾਰ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ। ਜਦਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦਾ ਨੁਕਸਾਨ ਪੰਜਾਬ ਦੇ ਮੁਕਾਬਲੇ ਬਹੁਤ ਘੱਟ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ 1500 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਜੋ ਕਿ ਪੰਜਾਬ ਦੇ ਨਾਲ ਮਤਰਈ ਮਾਂ ਵਾਲਾ ਸਲੂਕ ਕਰਨ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਤੋਂ ਪਹਿਲਾਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਸੀ, ਪਰ ਕੇਂਦਰ ਨੇ 200 ਕਰੋੜ ਰੁਪਏ ਦੇਣ ਦੀ ਖੇਚਲ ਵੀ ਨਹੀਂ ਕੀਤੀ। ਜਦਕਿ ਹੁਣ ਪੂਰੇ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਸੂਬੇ ਨੂੰ ਲਗਭਗ 60 ਹਜ਼ਾਰ ਕਰੋੜ ਰੁਪਏ ਦੀ ਲੋੜ ਹੈ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਬਣਦਾ ਮੁਆਵਜਾ ਦੇਣ ਦੇ ਨਾਲ ਹੀ ਪੰਜਾਬ ਦਾ ਜੋ ਬਕਾਇਆ ਕੇਂਦਰ ਨੇ ਰੋਕ ਕੇ ਰੱਖਿਆ ਹੋਇਆ ਹੈ, ਉਹ ਵੀ ਤੁਰੰਤ ਰਿਲੀਜ ਕੀਤਾ ਜਾਵੇ।