ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਵੱਡੇ ਅੰਦੋਲਨ ਦੀ ਲੋੜ -ਡੱਲੇਵਾਲ


ਸ੍ਰੀ ਮੁਕਤਸਰ ਸਾਹਿਬ, 18 ਜੂਨ (ਨਿਊਜ਼ ਟਾਊਨ ਨੈਟਵਰਕ) : ਸੂਬਾ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਆਏ ਦਿਨ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਉਤੇ ਹਮਲਾਵਰ ਹੋ ਰਹੀ ਹੈ। ਇਸ ਲਈ ਵੱਡੇ ਅੰਦੋਲਨ ਦੀ ਤਿਆਰੀ ਕਰਨ ਦੀ ਲੋੜ ਹੈ।
ਡੱਲੇਵਾਲ ਨੇ ਕਿਹਾ ਕਿ ਲੈਂਡ ਪੂਲਿੰਗ ਐਕਟ ਤਹਿਤ ਪੰਜਾਬ ਵਿਚ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਪੂਰੇ ਪੰਜਾਬ ਨੂੰ ਇਸ ਤਹਿਤ ਲਪੇਟ ਵਿਚ ਲਿਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਬਚਾਉਣ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਸੰਘਰਸ਼ ਜਾਰੀ ਰਹੇਗਾ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਕਿਸਾਨ ਆਗੂ ਡੱਲੇਵਾਲ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਹੋਰ ਦੇਸ਼ਾਂ ਤੋਂ ਖੇਤੀ, ਡੇਅਰੀ, ਪੋਲਟਰੀ ਮੰਗਵਾਉਣਾ ਚਾਹੁੰਦੀ ਹੈ। ਇਸ ਨਾਲ ਪੰਜਾਬ ਦੀ ਖੇਤੀ ਅਤੇ ਆਰਥਿਕਤਾ ਦਾ ਢਾਂਚਾ ਡਾਵਾਂਡੋਲ ਹੋ ਜਾਵੇਗਾ। ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਅਤੇ ਬਲਾਕ ਪੱਧਰ ਉਤੇ ਕਮੇਟੀਆਂ ਬਣਾ ਕੇ ਲਾਮਬੰਦ ਕੀਤਾ ਜਾਵੇਗਾ।
