ਨਵਨੀਤ ਚਤੁਰਵੇਦੀ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ


ਰੋਪੜ ਦੀ ਜ਼ਿਲ੍ਹਾ ਅਦਾਲਤ ਵਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ
(ਨਿਊਜ਼ ਟਾਊਨ ਨੈਟਵਰਕ)
ਰੂਪਨਗਰ, 16 ਅਕਤਬੂਰ : ਰਾਜ ਸਭਾ ਉਪ ਚੋਣ ਵਿੱਚ ਕਥਿਤ ਫਰਜ਼ੀਵਾੜੇ ਦੇ ਆਰੋਪੀ ਨਵਨੀਤ ਚਤੁਰਵੇਦੀ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਰੋਪੜ ਦੀ ਜ਼ਿਲ੍ਹਾ ਅਦਾਲਤ ਵਲੋਂ ਨਵਨੀਤ ਚਤੁਰਵੇਦੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਚੰਡੀਗੜ੍ਹ ਸੈਕਟਰ 3 ਥਾਣੇ ਦੇ ਐਸ.ਐਚ.ਓ ਨਰਿੰਦਰ ਪਟਿਆਲ ਤੋਂ ਵੀ ਚਾਰ ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ, ਉਸ ਨੂੰ ਕਿਸ ਆਰੋਪ ਤਹਿਤ ਹਿਰਾਸਤ ‘ਚ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਨਵਨੀਤ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਅਦਾਲਤ ਨੇ ਸਰਕਾਰ ਨੂੰ 4 ਨਵੰਬਰ ਤਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਬੁੱਧਵਾਰ ਸਵੇਰੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਵਨੀਤ ਚਤੁਰਵੇਦੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਅਜੇ ਤਕ ਇਹ ਨਹੀਂ ਦੱਸਿਆ ਗਿਆ ਹੈ ਕਿ ਕਿੰਨੇ ਮਾਮਲੇ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰੇ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਚਤੁਰਵੇਦੀ ਨੇ ਇਹ ਵੀ ਆਰੋਪ ਲਗਾਇਆ ਕਿ ਉਨ੍ਹਾਂ ਨੇ ਜੋ ਨਾਮਜ਼ਦਗੀ ਫਾਰਮ ਚੋਣ ਕਮਿਸ਼ਨ ਦੇ ਰਿਟਰਨਿੰਗ ਅਫਸਰ ਨੂੰ ਜਮ੍ਹਾ ਕਰਵਾਏ ਸਨ ,ਉਹ ਪਹਿਲਾਂ ਹੀ ਲੀਕ ਕਰ ਦਿੱਤੇ ਗਏ। ਇਸ ਕਾਰਨ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ‘ਤੇ ਦਬਾਅ ਪਾ ਕੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ ਗਿਆ। ਇਸ ਲਈ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਇੱਕ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਕੋਲ ਅਦਾਲਤੀ ਵਾਰੰਟ ਹੈ। ਹਾਲਾਂਕਿ, ਚੰਡੀਗੜ੍ਹ ਪੁਲਿਸ ਨਵਨੀਤ ਚਤੁਰਵੇਦੀ ਨੂੰ ਪੰਜਾਬ ਪੁਲਿਸ ਦੇ ਹਵਾਲੇ ਨਹੀਂ ਕਰ ਰਹੀ ਹੈ। ਨਵਨੀਤ ਇਸ ਸਮੇਂ ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿੱਚ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 3 ਪੁਲਿਸ ਸਟੇਸ਼ਨ ਦੇ ਬਾਹਰ ਡੇਰਾ ਲਗਾ ਲਿਆ ਹੈ। ਨਵਨੀਤ ਚਤੁਰਵੇਦੀ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀਆਂ 5 ਟੀਮਾਂ ਲਗਾਈਆਂ ਗਈਆਂ ਹਨ। ਨਵਨੀਤ ਚਤੁਰਵੇਦੀ ਨੇ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ 10 ‘ਆਪ’ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ, ਇੱਥੋਂ ਤਕ ਕਿ ਉਨ੍ਹਾਂ ਦੇ ਦਸਤਖਤ ਵੀ ਦਿਖਾਏ। ਹਾਲਾਂਕਿ, ਵਿਧਾਇਕਾਂ ਨੇ ਇਸਨੂੰ ਜਾਅਲੀ ਕਰਾਰ ਦਿਤਾ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਕ ਕੇਸ ਦਰਜ ਕੀਤਾ ਅਤੇ ਕੱਲ (14 ਅਕਤੂਬਰ) ਉਸ ਨੂੰ ਗ੍ਰਿਫ਼ਤਾਰ ਕਰਨ ਲਈ ਚੰਡੀਗੜ੍ਹ ਪਹੁੰਚੀ। ਹਾਲਾਂਕਿ, ਉਸ ਦੀ ਰਾਜ ਸਭਾ ਨਾਮਜ਼ਦਗੀ ਦੇ ਕਾਰਨ ਉਸਨੂੰ ਚੰਡੀਗੜ੍ਹ ਪੁਲਿਸ ਦੁਆਰਾ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਇਸ ਲਈ ਚੰਡੀਗੜ੍ਹ ਪੁਲਿਸ ਨੇ ਉਸ ਨੂੰ ਪੰਜਾਬ ਨਹੀਂ ਲਿਜਾਣ ਦੀ ਆਗਿਆ ਨਹੀਂ ਦਿੱਤੀ।