ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਹੋਣ ਸਰਗਰਮ: ਭਗਵੰਤ ਮਾਨ

1,746 ਕਾਂਸਟੇਬਲਾਂ ਨੂੰ ਮੁੱਖ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਜਲੰਧਰ/ ਚੰਡੀਗੜ੍ਹ, 11 ਜਨਵਰੀ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਤਵਾਰ ਨੂੰ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ ਜ਼ਿਲ੍ਹਾ ਕੇਡਰ ਦੇ 1,261 ਕਾਂਸਟੇਬਲਾਂ ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ। ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਮੈਨੂੰ ਇਹ ਗੱਲ ਤਸੱਲੀ ਦਿੰਦੀ ਹੈ ਕਿ ਇਹ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੈਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕਰਦਾ ਹਾਂ।” ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਤੁਸੀਂ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦਾਂ ਅਤੇ ਪਛੜੇ ਲੋਕਾਂ ਦੀ ਮਦਦ ਲਈ ਕਰੋਗੇ। ਤੁਹਾਡਾ ਫ਼ਰਜ਼ ਵੱਧ ਤੋਂ ਵੱਧ ਜਨਤਕ ਭਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ, ਉਮੀਦਵਾਰਾਂ ਦੀ ਚੋਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ।” ਸਰਕਾਰ ਦਾ ਮੁੱਖ ਏਜੰਡੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪਹਿਲੇ ਦਿਨ ਤੋਂ ਹੀ ਇਸ ਸਰਕਾਰ ਦਾ ਇੱਕੋ ਇੱਕ ਉਦੇਸ਼ ਸਰਕਾਰੀ ਨੌਕਰੀਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ। ਇਹ ਤੁਹਾਡੇ ਜੀਵਨ ਵਿੱਚ ਨਵੀਂ ਸ਼ੁਰੂਆਤ ਹੈ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੰਦਾ ਹਾਂ।” ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਵੀ ਕਾਇਮ ਹਨ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਪੁਲਿਸ ਫੋਰਸ ਸਮਰਪਣ ਅਤੇ ਵਚਨਬੱਧਤਾ ਨਾਲ ਇਨ੍ਹਾਂ ਦਾ ਸਾਹਮਣਾ ਕਰ ਰਹੀ ਹੈ। ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਪੰਜਾਬ ਨੂੰ ਅਤਿਵਾਦ ਦੇ ਹਨੇਰੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।” ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ। ਸਾਡੀ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਿਆਂ ਵਜੋਂ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਅਜਿਹੇ ਤੱਤ ਸਮਾਜ ਦੇ ਦੁਸ਼ਮਣ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ।” ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
