ਨਿਹੰਗ ਸਿੰਘ ਜਥੇਬੰਦੀਆਂ ਨੇ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

0

ਹਜ਼ੂਰ ਸਾਹਿਬ ਦੇ ਸਿੱਖਾਂ ਖ਼ਿਲਾਫ਼ ਕਾਰਵਾਈ ਦਾ ਕੀਤਾ ਵਿਰੋਧ

ਅੰਮ੍ਰਿਤਸਰ, 4 ਜੂਨ (ਨਿਊਜ਼ ਟਾਊਨ ਨੈਟਵਰਕ) : ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਜੁੜੇ ਮਾਮਲਿਆਂ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਕਾਰਵਾਈ ਬਾਰੇ ਚਿੰਤਾ ਜਤਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਨਾਲ ਜੁੜੇ ਸਿੱਖਾਂ ਉੱਤੇ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਸਤਰ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦਾ ਮਹੱਤਵਪੂਰਨ ਤਖ਼ਤ ਹੈ, ਜਿੱਥੇ ਸ਼ਸਤਰਾਂ ਦਾ ਵਿਸ਼ੇਸ਼ ਸਥਾਨ ਹੈ ਅਤੇ ਸਿੱਖ ਪਰੰਪਰਾ ਅਨੁਸਾਰ ਸ਼ਸਤਰਧਾਰੀ ਰਹਿਣਾ ਖਾਲਸੇ ਦੀ ਪਛਾਣ ਦਾ ਹਿੱਸਾ ਹੈ। ਨਿਹੰਗ ਆਗੂਆਂ ਨੇ ਕਿਹਾ ਕਿ ਧਾਰਮਿਕ ਸ਼ਸਤਰਾਂ ਸਬੰਧੀ ਸਿੱਖ ਸੰਸਥਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਕਾਨੂੰਨੀ ਪ੍ਰਵਾਨਗੀਆਂ ਪ੍ਰਾਪਤ ਹਨ ਅਤੇ ਸਦੀਆਂ ਤੋਂ ਚੱਲ ਰਹੀ ਇਸ ਪਰੰਪਰਾ ਨੂੰ ਰੋਕਣ ਦੀ ਕੋਸ਼ਿਸ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਤੁਰੰਤ ਰੱਦ ਕੀਤੇ ਜਾਣ ਅਤੇ ਜ਼ਬਤ ਕੀਤੇ ਗਏ ਸ਼ਸਤਰ ਵਾਪਸ ਕੀਤੇ ਜਾਣ। ਇਸ ਮੌਕੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਦਲਾਂ ਦੇ ਜਥੇਦਾਰਾਂ ਨੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਗਈ ਸ਼ਸਤਰਧਾਰੀ ਪਰੰਪਰਾ ਸਿੱਖ ਧਰਮ ਦਾ ਅਹਿਮ ਅੰਗ ਹੈ ਅਤੇ ਇਸ ਦੀ ਰੱਖਿਆ ਲਈ ਸਮੁੱਚਾ ਖਾਲਸਾ ਪੰਥ ਇੱਕਜੁੱਟ ਹੈ। ਆਗੂਆਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਧਾਰਮਿਕ ਪਰੰਪਰਾਵਾਂ ਅਤੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕਰਨ। ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸਿੱਖਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਵਾਪਸ ਨਾ ਲਈ ਗਈ ਤਾਂ ਅਗਲੇ ਕਦਮਾਂ ਬਾਰੇ ਪੰਥਕ ਪੱਧਰ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਸ ਮਸਲੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

Leave a Reply

Your email address will not be published. Required fields are marked *