ਕਿਸਾਨੀ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ : ਪੀਐਮ ਮੋਦੀ


ਨਵੀਂ ਦਿੱਲੀ, 7 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਲੋਂ ਭਾਰਤ ‘ਤੇ 50 ਫ਼ੀ ਸਦੀ ਟੈਰਿਫ਼ ਲਗਾਉਣ ਦੇ ਮੁੱਦੇ ‘ਤੇ ਪਹਿਲੀ ਵਾਰ ਅਪਣੀ ਪ੍ਰਤੀਕਿਰਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। ਉਹ ਅਪਣੇ ਪਸ਼ੂ ਪਾਲਕਾਂ ਅਤੇ ਮਛੇਰਿਆਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਨਿੱਜੀ ਤੌਰ ‘ਤੇ ਵੱਡੀ ਕੀਮਤ ਚੁਕਾਉਣੀ ਪਵੇਗੀ। ਲੰਬੇ ਸਮੇਂ ਤੋਂ ਅਮਰੀਕੀ ਰਾਸ਼ਟਰਪਤੀ ਵਾਰ-ਵਾਰ ਭਾਰਤ ਵਿਰੁਧ ਟੈਰਿਫ਼ ਲਗਾਉਣ ਦੀ ਗੱਲ ਕਰ ਰਹੇ ਹਨ। ਇਸ ਮਹੀਨੇ ਦੇ ਸ਼ੁਰੂ ਵਿਚ ਅਮਰੀਕਾ ਨੇ ਭਾਰਤ ‘ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦੀ ਗੱਲ ਕੀਤੀ ਸੀ। ਫਿਰ ਕੱਲ ਰਾਤ, ਉਨ੍ਹਾਂ ਨੇ ਭਾਰਤ ਉਤੇ 50 ਫ਼ੀ ਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ। ਅਮਰੀਕੀ ਰਾਸ਼ਟਰਪਤੀ ਦੇ ਵਾਰ-ਵਾਰ ਬਿਆਨਾਂ ਦੇ ਬਾਵਜੂਦ ਭਾਰਤ ਜਨਤਕ ਤੌਰ ‘ਤੇ ਕੋਈ ਵੀ ਬਿਆਨ ਦੇਣ ਤੋਂ ਬਚ ਰਿਹਾ ਸੀ। ਗੱਲਬਾਤ ਰਾਹੀਂ ਉਨ੍ਹਾਂ ਨਾਲ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅਮਰੀਕਾ ਨਾਲ ਵਪਾਰ ਸਮਝੌਤੇ ਉਤੇ ਗੰਭੀਰ ਗੱਲਬਾਤ ਹੋਈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਅਮਰੀਕਾ ਲਈ ਡੇਅਰੀ ਅਤੇ ਖੇਤੀਬਾੜੀ ਖੇਤਰ ਖੋਲ੍ਹਣ ਦੀ ਮੰਗ ‘ਤੇ ਗੱਲਬਾਤ ਟੁੱਟ ਗਈ। ਭਾਰਤ ਨੇ ਸਪੱਸ਼ਟ ਕਰ ਦਿਤਾ ਕਿ ਉਹ ਇਸ ਖੇਤਰ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਖੋਲ੍ਹ ਸਕਦਾ।