ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ


ਮੁੱਖ ਮੰਤਰੀ ਨੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਵੀ ਸਾਧਿਆ ਨਿਸ਼ਾਨਾ

ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਰਾਜਿੰਦਰ ਸਿੰਘ ਭੱਟ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਇਸ ਕੁਰਬਾਨੀ ਨੂੰ ‘ਨਿੱਕੀਆ ਜਿੰਦਾਂ’ ਦੇ ‘ਵੱਡੇ ਸਾਕੇ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਰਮਾਤਮਾ ਅੱਗੇ ਪੰਜਾਬ ਦੀ ਚੜ੍ਹਦੀ ਕਲਾ, ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਕਰਨ ਦੀ ਅਰਦਾਸ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੀ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਨੂੰ ਵੀਰ ਬਾਲ ਦਿਵਸ ਦਾ ਨਾਮ ਦੇਣ ਬਾਰੇ ਉੱਠੇ ਵਿਵਾਦ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਜਦੋਂ ਇਹ ਨਾਮ ਰੱਖਣ ਦਾ ਫੈਸਲਾ ਲਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਬਕਾਇਦਾ ਟਵੀਟ ਕਰਕੇ ਇਸ ਦਾ ਸਮਰਥਨ ਕੀਤਾ ਸੀ ਪਰ ਸੰਗਤ ਦੇ ਰੋਹ ਹੁਣ ਕਾਰਨ ਇਸ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਸਾਹਿਬਜ਼ਾਦੀਆਂ ਦੀ ਲਾਸਾਨੀ ਕੁਰਬਾਨੀ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕਿਸੇ ਦਿਵਸ ਨਾਲ ਜੋੜਿਆ ਜਾ ਸਕਦਾ ਹੈ। ਅਕਾਲੀ ਦਲ ਦਾ ਬਿਆਨਬਾਜ਼ੀ ਤੋਂ ਮੁਕਰਨਾ ਸਿੱਧ ਕਰਦਾ ਹੈ ਕਿ ਇਹ ਪਾਰਟੀ ਧਰਮ ਜਾਂ ਵਿਰਸੇ ਪ੍ਰਤੀ ਸੰਜੀਦਾ ਨਹੀਂ ਹੈ।” ਇਸ ਤੋਂ ਬਾਅਦ ਮੁੱਖ ਮੰਤਰੀ ਨੇ ਰਸਤੇ ਵਿੱਚ ਰੁਕ ਕੇ ਚਾਹ ਦਾ ਲੰਗਰ ਛਕਿਆ ਅਤੇ ਸੰਗਤ ਨਾਲ ਗੱਲਬਾਤ ਕੀਤੀ।
