ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

0
kalsi-shary

ਬਟਾਲਾ, 13 ਜੂਨ, 2025 (ਨਿਊਜ਼ ਟਾਊਨ ਨੈਟਵਰਕ) :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭਿ੍ਰਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। 

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ‘ਈਜ਼ੀ ਜਮ੍ਹਾਂਬੰਦੀ’ ਦੀ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭਿ੍ਰਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਲੋਕਾਂ ਨੂੰ ਪੰਜ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ਵਟਸਐਪ ’ਤੇ ਜਮ੍ਹਾਂਬੰਦੀ ਪ੍ਰਾਪਤ ਕਰਨਾ, ਇੰਤਕਾਲ ਕਰਵਾਉਣ, ਰਪਟ ਐਂਟਰੀ ਅਤੇ ਫਰਦ ਬਦਰ (ਜਮੀਨ ਰਿਕਾਰਡਾਂ ਵਿੱਚ ਸੁਧਾਰ) ਲਈ ਆਨਲਾਈਨ ਸੇਵਾਵਾਂ ਹਾਸਲ ਹੋਣਗੀਆਂ। ਇਸ ਦਾ ਵਿਸਥਾਰ ਵਿੱਚ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਵਟਸਐਪ ਰਾਹੀਂ ਜਮ੍ਹਾਂਬੰਦੀ ਪ੍ਰਾਪਤ ਕਰਨ ਦਾ ਫੈਸਲਾ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤ ਪ੍ਰਦਾਨ ਕਰੇਗਾ ਕਿਉਂਕਿ ਹਰ ਸਾਲ 40 ਲੱਖ ਲੋਕਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਫਰਦਾਂ (ਜਮ੍ਹਾਂਬੰਦੀ) ਪ੍ਰਾਪਤ ਕਰਨ ਲਈ ਜਾਂ ਤਾਂ ਆਪਣੇ ਪਟਵਾਰੀ ਕੋਲ ਗੇੜੇ ਕੱਢਣੇ ਪੈਂਦੇ ਸਨ ਜਾਂ ਫਰਦ ਕੇਂਦਰਾਂ ‘ਤੇ ਜਾਣਾ ਪੈਂਦਾ ਸੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਜਮ੍ਹਾਂਬੰਦੀ ਉਪਰ ਡਿਜ਼ੀਟਲ ਤੌਰ ‘ਤੇ ਦਸਤਖਤ ਹੋਣਗੇ ਅਤੇ ਇਸ ਉਪਰ ਕਿਊ.ਆਰ. ਕੋਡ ਵੀ ਹੋਵੇਗਾ, ਜਿਸ ਨਾਲ ਕੋਈ ਵੀ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨ ਲਈ ਕਿਊ.ਆਰ. ਕੋਰਡ ਨੂੰ ਸਕੈਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ 99 ਫੀਸਦੀ ਪਿੰਡਾਂ ਦਾ ਜ਼ਮੀਨੀ ਰਿਕਾਰਡ ਡਿਜੀਟਾਈਜ਼ ਕਰ ਦਿੱਤਾ ਹੈ, ਸਾਰੇ ਜ਼ਮੀਨੀ ਰਿਕਾਰਡ ਇਸ ਸੇਵਾ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਨਾਲ ਹੀ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਅਗਲੇ ਦੋ ਮਹੀਨਿਆਂ ਵਿੱਚ ਡਿਜੀਟਾਈਜ ਕਰ ਦਿੱਤਾ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ easyjamabandi.punjab.gov.in ਰਾਹੀਂ ਸਿਰਫ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ 1076 ‘ਤੇ ਡਾਇਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।

Leave a Reply

Your email address will not be published. Required fields are marked *