ਪੀਐਮ ਮੋਦੀ ਦੀ ਟਰੰਪ ਨੂੰ ਦੋ ਟੁੱਕ, ਟਰੰਪ ਵਲੋਂ ਮੋਦੀ ਨੂੰ ਅਮਰੀਕਾ ਆਉਣ ਦਾ ਸੱਦਾ


ਅਲਬਰਟਾ, 18 ਜੂਨ (ਨਿਊਜ਼ ਟਾਊਨ ਨੈਟਵਰਕ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ‘ਤੇ 35 ਮਿੰਟ ਗੱਲਬਾਤ ਕੀਤੀ ਤੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੀ ਬੇਨਤੀ ਤੋਂ ਬਾਅਦ ‘ਆਪ੍ਰੇਸ਼ਨ ਸਿੰਦੂਰ’ ਨੂੰ ਰੋਕ ਦਿਤਾ ਗਿਆ ਸੀ। ਇਸ ਦਾ ਅਮਰੀਕਾ ਦੀ ਵਿਚੋਲਗੀ ਜਾਂ ਵਪਾਰ ਸੌਦੇ ਦੀ ਪੇਸ਼ਕਸ਼ ਵਰਗਾ ਕੋਈ ਕਾਰਨ ਨਹੀਂ ਸੀ। ਪਿਛਲੇ ਮਹੀਨੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਟਰੰਪ ਅਤੇ ਮੋਦੀ ਵਿਚਕਾਰ ਇਹ ਪਹਿਲੀ ਗੱਲਬਾਤ ਸੀ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਭਾਰਤ ਵਲੋਂ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ਵਿਰੁੱਧ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਸਿੰਦੂਰ’ ਬਾਰੇ ਜਾਣਕਾਰੀ ਦਿੱਤੀ ਅਤੇ ਸਪੱਸ਼ਟ ਕੀਤਾ ਕਿ ਅੱਤਵਾਦ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਨਤੀਜੇ ਭੁਗਤਣੇ ਪੈਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਹੁਣ ਅੱਤਵਾਦ ਨੂੰ ਇਕ ਪ੍ਰੌਕਸੀ ਯੁੱਧ ਵਜੋਂ ਨਹੀਂ ਦੇਖੇਗਾ, ਉਹ ਇਸਨੂੰ ਇਕ ਜੰਗੀ ਕਾਰਵਾਈ ਵਜੋਂ ਦੇਖਦਾ ਹੈ। ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਗੱਲ ਸੁਣਨ ਤੋਂ ਬਾਅਦ ਟਰੰਪ ਨੇ ਮੁੱਦੇ ਨੂੰ ਸਮਝ ਲਿਆ ਅਤੇ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਦਾ ਸਮਰਥਨ ਪ੍ਰਗਟ ਕੀਤਾ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੋਦੀ-ਟਰੰਪ ਫੋਨ ਕਾਲ ‘ਤੇ ਬਿਆਨ ਵਿਚ ਕਿਹਾ ਕਿ ਭਾਰਤ ਨੇ ਕਦੇ ਵੀ ਤੀਜੀ ਧਿਰ ਦੀ ਵਿਚੋਲਗੀ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਭਵਿੱਖ ਵਿਚ ਵੀ ਅਜਿਹੀ ਵਿਚੋਲਗੀ ਨੂੰ ਸਵੀਕਾਰ ਨਹੀਂ ਕਰੇਗਾ। ਮਿਸਰੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਦੌਰਾਨ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ‘ਤੇ ਵੀ ਚਰਚਾ ਕੀਤੀ।
ਫ਼ੋਨ ‘ਤੇ ਗੱਲਬਾਤ ਕਰਦਿਆਂ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੈਨੇਡਾ ਤੋਂ ਵਾਪਸੀ ਦੌਰਾਨ ਅਮਰੀਕਾ ਆਉਣ ਦਾ ਸੱਦਾ ਦਿੱਤਾ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਕਾਰਨ ਸੱਦਾ ਸਵੀਕਾਰ ਨਹੀਂ ਕਰ ਸਕਦੇ। ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨੂੰ ਇਸ ਸਾਲ ਦੇ ਅੰਤ ਵਿਚ ਸੰਭਾਵਿਤ ਕਵਾਡ ਸੰਮੇਲਨ ਲਈ ਭਾਰਤ ਆਉਣ ਦਾ ਸੱਦਾ ਦਿੱਤਾ।
ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨੂੰ ਅਗਲੀ ਕਵਾਡ ਮੀਟਿੰਗ ਲਈ ਭਾਰਤ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਸੱਦਾ ਸਵੀਕਾਰ ਕਰ ਲਿਆ ਹੈ ਅਤੇ ਕਿਹਾ ਕਿ ਟਰੰਪ ਭਾਰਤ ਆਉਣ ਲਈ ਕਾਹਲੇ ਹਨ।
