ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੂੰ ਗ੍ਰਿਫਤਾਰ ਕਰਨ ਪਹੁੰਚੀ ਪੁਲਿਸ


ਗੜ੍ਹਸ਼ੰਕਰ, 21 ਅਗਸਤ (ਰਾਕੇਸ਼ ਕੁਮਾਰ) : ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸੁਵਿਧਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਗੜ੍ਹਸ਼ੰਕਰ ਹਲਕੇ ਵਿਖੇ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਪਰ ਗੜ੍ਹਸ਼ੰਕਰ ਵਿਖੇ ਅੱਜ ਉਸ ਸਮੇਂ ਮਾਹੌਲ ਤਨਾਵ ਪੂਰਣ ਹੋ ਗਿਆ। ਜਦੋਂ ਡੀਐਸਪੀ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨਿਮਿਸ਼ਾ ਮਹਿਤਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਗ੍ਰਿਫਤਾਰ ਕਰਨ ਲਈ ਪਹੁੰਚੀ। ਜਿਸ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਨਿਮਿਸ਼ਾ ਮਹਿਤਾ ਦੇ ਦਫ਼ਤਰ ਵਿਖੇ ਪਹੁੰਚ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਿਮਿਸ਼ਾ ਮਹਿਤਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਣ ਲਈ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਅੱਜ ਪਿੰਡ ਬਸਿਆਲਾ ਵਿਖੇ ਉਨ੍ਹਾਂ ਵੱਲੋਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਅਤੇ ਪੁਲਿਸ ਵੱਲੋਂ ਧੱਕੇਸ਼ਾਹੀ ਨਾਲ ਇਸ ਕੈਂਪ ਨੂੰ ਲੱਗਣ ਨਹੀ ਦਿੱਤਾ ਗਿਆ ਅਤੇ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚੀ ਹੈ। ਪਰ ਪਾਰਟੀ ਵਰਕਰਾਂ ਦੇ ਰੋਹ ਅੱਗੇ ਪੁਲਿਸ ਨੇ ਝੁਕਦਿਆਂ ਉਨ੍ਹਾਂ ਨੂੰ ਉਨ੍ਹਾਂ ਦੇ ਦਫਤਰ ਵਿਖੇ ਹੀ ਰੋਕ ਕੇ ਰੱਖਿਆ ਗਿਆ ਹੈ ਇਸ ਮੌਕੇ ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਕ ਪੱਤਰ ਭੇਜ ਕੇ ਨਿਰਦੇਸ਼ ਜਾਰੀ ਕੀਤੇ ਸਨ ਕਿ ਜਿਹੜਾ ਵੀ ਵਿਅਕਤੀ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦਾ ਡਾਟਾ ਇਕੱਠਾ ਕਰ ਰਿਹਾ ਹੋਵੇ। ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਭਾਜਪਾ ਆਗੂ ਨਾਲ ਇਸ ਸਬੰਧੀ ਗੱਲਬਾਤ ਕੀਤੀ ਜਾ ਰਹੀ ਹੈ।
