ਗੰਦੇ ਪਾਣੀ ਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ : ਡਾ. ਸੰਜੇ ਗੋਇਲ


ਮਾਲੇਰਕੋਟਲਾ, 2 ਸਤੰਬਰ (ਮੁਨਸ਼ੀ ਫ਼ਾਰੂਕ) :
ਬਰਸਾਤੀ ਮੌਸਮ ਦੌਰਾਨ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮਾਲੇਰਕੋਟਲਾ, ਕਮਿਊਨਿਟੀ ਸਿਹਤ ਕੇਂਦਰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿੱਚ ਵਿਸ਼ੇਸ਼ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਅਤੇ ਐਮਰਜੈਂਸੀ ਹਾਲਾਤਾਂ ਲਈ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸਾਵਧਾਨੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਰਖਾ ਰੁੱਤ ਦੌਰਾਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫਾਇਡ, ਡਾਇਰੀਆ, ਪੀਲੀਆ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸੇ ਤਰ੍ਹਾਂ ਇਸ ਮੌਸਮ ਵਿੱਚ ਮੱਛਰਾਂ ਦੇ ਕੱਟਣ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਨ੍ਹਾਂ ਤੋਂ ਬਚਾਅ ਲਈ ਜਾਗਰੂਕ ਹੋ ਕੇ ਕੂਲਰਾਂ ਵਿੱਚਲਾ ਪਾਣੀ ਹਫ਼ਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਇਰਾਂ ਆਦਿ ਥਾਵਾਂ ਉੱਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੇ ਜਾਣ ਜਿਸ ਨਾਲ ਪੂਰਾ ਸਰੀਰ ਢੱਕਿਆ ਜਾ ਸਕੇ। ਇਸ ਤੋਂ ਇਲਾਵਾ ਸੋਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਜਰੂਰਤ ਹੁੰਦੀ ਹੈ। ਅਜਿਹੇ ਵਿੱਚ ਘਰ ‘ਚ ਤਿਆਰ ਕੀਤੇ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ, ਬਾਹਰੀ ਖਾਣੇ ਅਤੇ ਜੰਕ-ਫੂਡ ਤੋਂ ਪ੍ਰਹੇਜ ਕਰਨਾ ਚਾਹੀਂਦਾ ਹੈ। ਉਹਨਾਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵੱਗਣਾ ਆਦਿ ਦੇ ਲੱਛਣ ਦਿੱਸਣ ਤਾਂ ਇਹ ਡੇਂਗੂ ਬੁਖਾਰ ਹੋ ਸਕਦਾ ਹੈ।ਅਜਿਹੀ ਹਾਲਤ ਵਿੱਚ ਜਲਦ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਸੰਪਰਕ ਕਰਕੇ ਡਾਕਟਰੀ ਸਲਾਹ ਮੁਤਾਬਕ ਜਾਂਚ ਅਤੇ ਇਲਾਜ ਕਰਵਾਇਆ ਜਾਵੇ।
