ਨੀਟ-ਜੇਈਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਸਨਮਾਨ

ਨੀਟ-ਜੇਈਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ...
ਚੰਡੀਗੜ੍ਹ, 30 ਜੁਲਾਈ: ਪੰਜਾਬ ਸਰਕਾਰ ਨੇ ਨੀਟ ਅਤੇ ਜੇਈਈ 2026 ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇਣ ਵਾਲੇ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਨੂੰ ਵੀਰਵਾਰ ਨੂੰ ਮੋਹਾਲੀ ਕਲੱਬ ਵਿੱਚ ਸਨਮਾਨਿਤ ਕੀਤਾ। ਸਨਮਾਨ ਸਮਾਰੋਹ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਕਾਰਨ ਸਰਕਾਰੀ ਸਕੂਲ ਹੁਣ ਆਈਆਈਟੀ, ਐਨਆਈਟੀ ਅਤੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਦਾ ਮਜ਼ਬੂਤ ਆਧਾਰ ਬਣ ਰਹੇ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇਈਈ (ਮੇਨ), 64 ਨੇ ਜੇਈਈ (ਐਡਵਾਂਸਡ) ਅਤੇ 882 ਵਿਦਿਆਰਥੀਆਂ ਨੇ ਨੀਟ ਯੂਜੀ-2026 ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਨੀਟ ਵਿੱਚ ਸਫਲ ਵਿਦਿਆਰਥੀਆਂ ਦੀ ਗਿਣਤੀ 2024 ਦੇ 437 ਤੋਂ ਵਧ ਕੇ 2026 ਵਿੱਚ 882 ਹੋ ਗਈ ਹੈ, ਜੋ ਦੋ ਸਾਲਾਂ ਵਿੱਚ 100 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਆਈਆਈਟੀ, 36 ਨੇ ਐਨਆਈਟੀ ਅਤੇ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਦੇ ਸਰਕਾਰੀ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿੱਚ ਪ੍ਰਿੰਸੀਪਲ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਅਤੇ ਇੱਕ ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦਾ ਹੈ।
ਸਿੱਖਿਆ ਕ੍ਰਾਂਤੀ ਦਾ ਨਤੀਜਾ ਕਰਾਰ
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿੱਚ ਚਾਰ ਰਿਹਾਇਸ਼ੀ ਕੋਚਿੰਗ ਕੈਂਪ ਲਗਾਏ ਗਏ, ਜਿਨ੍ਹਾਂ ਰਾਹੀਂ ਕਰੀਬ 3,000 ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਦੀ ਵਿਸ਼ੇਸ਼ ਤਿਆਰੀ ਕਰਵਾਈ ਗਈ।
ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ ਰਹੇ, ਸਗੋਂ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦਾ ਮੰਚ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਹਰ ਕੋਚਿੰਗ, ਨਿਰੰਤਰ ਮਾਰਗਦਰਸ਼ਨ ਅਤੇ ਬਿਹਤਰ ਬੁਨਿਆਦੀ ਢਾਂਚੇ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਯੋਗ ਬਣਾਇਆ ਹੈ। ਸਮਾਰੋਹ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪ੍ਰਿੰਸੀਪਲ ਹਾਜ਼ਰ ਸਨ।
