ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਸ


(ਨਿਊਜ਼ ਟਾਊਨ ਨੈਟਵਰਕ)
ਚੰਡੀਗੜ੍ਹ, 11 ਅਗੱਸਤ : ਲੈਂਡ ਪੂਲਿੰਗ ਨੀਤੀ ਦੇ ਮਾਮਲੇ ਵਿਚ ਸਰਕਾਰ ਨੂੰ ਝੁਕਣਾ ਪਿਆ ਹੈ। ਸਰਕਾਰ ਨੇ ਅੱਜ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦਾ ਐਲਾਨ ਕਰ ਦਿਤਾ। ਸਰਕਾਰ ਵਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੀ ਪੱਧਰ ਉਤੇ ਵਿਰੋਧ ਹੋ ਰਿਹਾ ਸੀ, ਹੁਣ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੀ ਵਿਰੋਧੀ ਪਾਰਟੀਆਂ ਲਗਾਤਾਰ ਇਸ ਨੀਤੀ ਦਾ ਵਿਰੋਧ ਕਰਦੀਆਂ ਆ ਰਹੀਆਂ ਸਨ। ਇਸ ਨੀਤੀ ਦੇ ਵਿਰੋਧ ਵਿਚ ਹਾਈ ਕੋਰਟ ਵਿਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ਤੇ 10 ਸਤੰਬਰ ਤਕ ਰੋਕ ਲਗਾਈ ਹੋਈ ਹੈ। ਹੁਣ ਸਰਕਾਰ ਵਲੋਂ ਇਸ ਪਾਲਿਸੀ ਨੂੰ ਵਾਪਸ ਲੈ ਲਿਆ ਗਿਆ ਹੈ।
