ਪਾਵਰਕੌਮ ਦੇ 2437 ਅਪਰੈਂਟਿਸ ਨੌਜਵਾਨ ਸਹਾਇਕ ਲਾਈਨਮੈਨ ਵਜੋਂ ਭਰਤੀ ਕਰੇਗੀ ਪੰਜਾਬ ਸਰਕਾਰ

ਪਾਵਰਕੌਮ ਦੇ 2437 ਅਪਰੈਂਟਿਸ ਨੌਜਵਾਨ ਸਹਾਇਕ ਲਾਈਨਮੈਨ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ਦੇ ਅਪਰੈਂਟਿਸ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ 2437 ਨੌਜਵਾਨਾਂ ਨੂੰ ਸਹਾਇਕ ਲਾਈਨਮੈਨ (ਏਐੱਲਐੱਮ) ਵਜੋਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਵਿੱਤ ਮੰਤਰੀ ਨੇ ਦੱਸਿਆ ਕਿ ਪਾਵਰਕੌਮ ਵਿੱਚ ਅਪਰੈਂਟਿਸ ਸਿਖਲਾਈ ਲੈ ਰਹੇ ਨੌਜਵਾਨਾਂ ਨੂੰ ਭਰਤੀ ਲਈ ਹੁਣ ਕੋਈ ਨਵਾਂ ਲਿਖਤੀ ਟੈਸਟ ਨਹੀਂ ਦੇਣਾ ਪਵੇਗਾ। ਉਨ੍ਹਾਂ ਵੱਲੋਂ ਪਹਿਲਾਂ ਦਿੱਤੇ ਗਏ ਟੈਸਟ ਨੂੰ ਹੀ ਭਰਤੀ ਲਈ ਮਾਨਤਾ ਦਿੱਤੀ ਜਾਵੇਗੀ। ਹਾਲਾਂਕਿ, ਭਰਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦਾ ਟੈਸਟ ਲਾਜ਼ਮੀ ਹੋਵੇਗਾ।
ਇਸ ਟੈਸਟ ਵਿੱਚ ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਹੀ ਸਹਾਇਕ ਲਾਈਨਮੈਨ ਵਜੋਂ ਨਿਯੁਕਤੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਪਾਵਰਕੌਮ ਦੇ ਮੁੱਖ ਦਫ਼ਤਰ ਦੇ ਬਾਹਰ ਕਰੀਬ 2600 ਅਪਰੈਂਟਿਸ ਨੌਜਵਾਨ ਕਈ ਦਿਨਾਂ ਤੋਂ ਭਰਤੀ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਸਨ। ਇਸ ਦੌਰਾਨ ਪਿਛਲੇ ਦਿਨੀਂ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਇਆ ਸੀ, ਜਿਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਸੀ। ਸਰਕਾਰ ਦੇ ਇਸ ਫ਼ੈਸਲੇ ਨੂੰ ਅਪਰੈਂਟਿਸ ਨੌਜਵਾਨਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
