ਪੰਜਾਬ ਦੇ ਰਾਜਪਾਲ ਵੱਲੋਂ ਫਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ !


ਫਿਰੋਜ਼ਪੁਰ, 2 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਸਵੇਰੇ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਤਾਂ ਜੋ ਹੜ੍ਹ ਕਾਰਨ ਪੈਦਾ ਹੋਈ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਰਾਜਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤਾਂ ਤੱਕ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਪਹੁੰਚਾਈ ਜਾਵੇ। ਉਨ੍ਹਾਂ ਖਾਸ ਤੌਰ ’ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਲਈ ਯੋਜਨਾਬੱਧ ਤਰੀਕੇ ਨਾਲ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਪਾਣੀ, ਦਵਾਈਆਂ ਅਤੇ ਰਹਿਣ ਦੀਆਂ ਥਾਵਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ। ਰਾਜਪਾਲ ਨੇ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਬਲਕਿ ਸੇਵਾ ਦਾ ਹੈ ਅਤੇ ਸਰਕਾਰ ਹਰ ਪੀੜਤ ਨਾਲ ਖੜ੍ਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਤਾਂ ਜੋ ਰਾਹਤ ਕਾਰਜਾਂ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਮੀਟਿੰਗ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਅੰਦਾਜ਼ੇ ਬਾਰੇ ਵੀ ਚਰਚਾ ਕੀਤੀ ਗਈ, ਜਿਸ ਵਿਚ ਫ਼ਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ। ਰਾਜਪਾਲ ਨੇ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰ ਰਿਹਾ ਹੈ।