ਸਿੱਖਿਆ ਸੁਧਾਰਾਂ ਨਾਲ ਪੰਜਾਬ ਬਣਿਆ ਦੇਸ਼ ਦਾ ਨੰਬਰ-1 ਸੂਬਾ: ਮੁੱਖ ਮੰਤਰੀ ਭਗਵੰਤ ਮਾਨ

ਸਿੱਖਿਆ ਸੁਧਾਰਾਂ ਨਾਲ ਪੰਜਾਬ ਬਣਿਆ...
ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਉੱਚ ਪੱਧਰੀ ਸਿਖਲਾਈ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੈਲੇਂਟ ਸਰਚ ਪ੍ਰੀਖਿਆ ਵਿੱਚ ਹਾਸਲ ਕੀਤੀਆਂ ਸਫ਼ਲਤਾਵਾਂ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਸਪੱਸ਼ਟ ਪ੍ਰਮਾਣ ਹਨ।
ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਗਰੀਬੀ ਨੂੰ ਖਤਮ ਕਰਨ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਵਰਧਮਾਨ ਟੈਕਸਟਾਈਲ ਗਰੁੱਪ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ 18 ਆਧੁਨਿਕ ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਬਣਾਏ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਰਧਮਾਨ ਗਰੁੱਪ ਨੇ ਲੋਹਾਰਾ ਤੋਂ ਇਲਾਵਾ ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਸਮੇਤ ਕਈ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਸਹੂਲਤਾਂ ਨਾਲੋਂ ਸਿੱਖਿਆ ਲੋਕਾਂ ਨੂੰ ਆਤਮਨਿਰਭਰ ਬਣਾਉਣ ਅਤੇ ਗਰੀਬੀ ਦੇ ਚੱਕਰ ਤੋਂ ਬਾਹਰ ਕੱਢਣ ਦਾ ਸਭ ਤੋਂ ਮਜ਼ਬੂਤ ਹਥਿਆਰ ਹੈ।
ਨਵੇਂ ‘ਵਰਧਮਾਨ ਬਲਾਕ’ ਦਾ ਉਦਘਾਟਨ
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਮਾਰਟ ਕਲਾਸਰੂਮ, ਆਧੁਨਿਕ ਅਧਿਆਪਨ ਪ੍ਰਣਾਲੀ ਅਤੇ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਵਰਗੇ ਕਦਮਾਂ ਨੇ ਸਿੱਖਿਆ ਦੇ ਮਿਆਰ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ ਤਿੰਨ ਲੱਖ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਜ਼ਿਲ੍ਹੇ ਵਿੱਚ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਅੰਸ ਅਤੇ 35 ਸਕੂਲ ਆਫ਼ ਹੈਪੀਨੈੱਸ ਚੱਲ ਰਹੇ ਹਨ, ਜਦਕਿ ਦੋ ਹੋਰ ਸਕੂਲ ਆਫ਼ ਐਮੀਨੈਂਸ ਜਲਦ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ 146 ਵਿਦਿਆਰਥੀਆਂ ਨੇ ਨੀਟ, 33 ਨੇ ਜੇ.ਈ.ਈ. ਮੇਨ, 9 ਨੇ ਜੇ.ਈ.ਈ. ਐਡਵਾਂਸਡ ਅਤੇ 47 ਨੇ ਪੰਜਾਬ ਸਟੇਟ ਟੈਲੇਂਟ ਸਰਚ ਪ੍ਰੀਖਿਆ (PSTSE) ਪਾਸ ਕਰਕੇ ਸੂਬੇ ਦਾ ਮਾਣ ਵਧਾਇਆ ਹੈ।
