ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ


ਚੰਡੀਗੜ੍ਹ, 14 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਨ। ਇਹ ਨਿਯਮ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025 ਦੇ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।
ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਦੀ ਸਹੂਲਤ ਲਈ ਵਿਸਥਾਰਤ ਪ੍ਰਕਿਰਿਆਵਾਂ, ਨਿਰਧਾਰਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿਚ ਅਸਪਸ਼ਟਤਾ ਨੂੰ ਖਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਣ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ ‘ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਿਯਮਾਂ ਨਾਲ ਸੂਬਾ ਭਰ ਵਿਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਾਰਵਾਈਆਂ ਰੁਕਣ ਦੀ ਉਮੀਦ ਹੈ।
