ਪੰਜਾਬ ‘ਚ ਹੜ੍ਹਾਂ ਬਾਰੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ


1600 ਕਰੋੜ ਦੀ ਰਾਸ਼ੀ ਬਹੁਤ ਘੱਟ, ਘੱਟ ਤੋਂ ਘੱਟ 20 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਦਿਤਾ ਜਾਵੇ
(ਨਿਊਜ਼ ਟਾਊਨ ਨੈਟਵਰਕ)
ਨਵੀਂ ਦਿੱਲੀ, 17 ਸਤੰਬਰ : ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ 20 ਹਜ਼ਾਰ ਕਰੋੜ ਦਾ ਫੰਡ ਜਾਰੀ ਕੀਤਾ ਜਾਵੇ। ਪੰਜਾਬ ਲਈ 1600 ਕਰੋੜ ਰੁਪਏ ਬਹੁਤ ਥੋੜੇ ਹਨ। ਪੰਜਾਬ ਵਿਚ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ। ਹੜ੍ਹ ਕਾਰਨ ਬਹੁਤ ਸਾਰੇ ਪਿੰਡਾਂ ਦੇ ਲੋਕ ਬੇਘਰ ਹੋ ਗਏ ਹਨ। ਬਹੁਤ ਸਾਰੇ ਲੋਕਾਂ ਦੀਆਂ ਜ਼ਮੀਨਾਂ ਬੰਜਰ ਹੋ ਗਈਆਂ ਹਨ ਅਤੇ ਮਾਲ ਪਸ਼ੂਆਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਇਮਾਰਤਾਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ, ਉਹ ਗੁਰਦਾਸਪੁਰ ਦੇ ਸੂਬਾ ਸਰਕਾਰ ਦੇ ਮੰਤਰੀਆਂ, ਅਧਿਕਾਰੀਆਂ ਅਤੇ ਭਾਜਪਾ ਆਗੂਆਂ ਨਾਲ ਮਿਲੇ। ਪ੍ਰਧਾਨ ਮੰਤਰੀ ਨੇ ਪੰਜਾਬ ਨੂੰ 1600 ਕਰੋੜ ਰੁਪਏ ਦਾ ਪੈਕੇਜ ਦਿੱਤਾ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤੋਂ ਖੁਸ਼ ਨਹੀਂ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅਸੀਂ ਕੇਂਦਰ ਤੋਂ ਤਿੰਨ ਮੰਗਾਂ ਕੀਤੀਆਂ ਸਨ। ਪਹਿਲੀ ਵਿਚ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਫੰਡ ਦੀ ਮੰਗ ਕੀਤੀ ਸੀ ਅਤੇ ਦੂਜੀ ਵਿਚ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਦੀ ਮੰਗ ਕੀਤੀ ਸੀ ਜਦਕਿ ਤੀਜੀ ਵਿਚ 12 ਹਜ਼ਾਰ ਕਰੋੜ ਰੁਪਏ ਖ਼ਰਚ ਕਰਨ ਨਾਲ ਸਬੰਧਤ ਕੁਝ ਸ਼ਰਤਾਂ ਵਿਚ ਰਾਹਤ ਦੀ ਮੰਗ ਕੀਤੀ ਸੀ। ਪਰ ਉਨ੍ਹਾਂ ਵਲੋਂ ਦਿਤੀ ਰਾਹਤ ਇਕ ਵੱਡਾ ਮਜਾਕ ਹੈ। ਦੂਜੇ ਪਾਸੇ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ 1600 ਕਰੋੜ ਰੁਪਏ ਤੁਰੰਤ ਰਾਹਤ ਹੈ। ਉਨ੍ਹਾਂ ਕਿਹਾ ਕਿ ਹੋਰ ਮਦਦ ਦਿਤੀ ਜਾਵੇਗੀ। ਇਸ ਤੋਂ ਇਲਾਵਾ ਕਾਂਗਰਸ ਲੀਡਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਪੰਜਾਬ ਦੌਰੇ ‘ਤੇ ਆਏ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਕਾਰਜਾਂ ਉ ਤੇਜ਼ ਕਰਨ ਦੀ ਵੀ ਮੰਗ ਕੀਤੀ ਸੀ।ਹੁਣ ਇਸ ਪੰਜਾਬ ਦੌਰੇ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਲਈ 20 ਹਜ਼ਾਰ ਕਰੋੜ ਦਾ ਫੰਡ ਜਾਰੀ ਕਰਨ ਦੀ ਮੰਗ ਕੀਤੀ।