ਪੰਜਾਬ ਵਿਚ ਅੱਜ ਤੋਂ ਸ਼ੁਰੂ ਹੋ ਸਕਦੀ ਹੈ ਬਾਰਸ਼


ਚੰਡੀਗੜ੍ਹ, 21 ਜੂਨ (ਨਿਊਜ਼ ਟਾਊਨ ਨੈਟਵਰਕ) : ਪਿਛਲੇ 24 ਘੰਟਿਆਂ ਵਿਚ ਦੱਖਣ-ਪੱਛਮੀ ਮਾਨਸੂਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ-ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿਚ ਪਹੁੰਚ ਗਿਆ ਹੈ। ਜੇ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖ਼ਲ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨ ਮਾਨਸੂਨ ਪੰਜਾਬ ਵਿਚ ਦਾਖ਼ਲ ਹੋਣ ਲਈ ਅਨੁਕੂਲ ਹਨ। ਪੰਜਾਬ ਵਿਚ ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਵਿਚ 37.6 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 34.8 ਡਿਗਰੀ ਸੈਲਸੀਅਸ ਤੇ ਪਟਿਆਲਾ ਵਿਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।