ਨਵੀਂ ਭਰਤੀ ਤੋਂ ਪਹਿਲਾਂ ਅਧਿਆਪਕਾਂ ਲਈ ਰਾਹਤ ਭਰੀ ਖ਼ਬਰ…


ਚੰਡੀਗੜ੍ਹ, 19 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ।
ਬੈਂਸ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਵਿਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ ਨੂੰ ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ।