ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜੀਆਂ : ਮੁੱਖ ਮੰਤਰੀ


ਬੰਗਲੁਰੂ ਵਿਖੇ ਪ੍ਰਸਿੱਧ ਉਦਯੋਗਪਤੀਆਂ ਨਾਲ ਕੀਤੀ ਗੱਲਬਾਤ
ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਉਦਯੋਗ-ਪੱਖੀ ਉਪਰਾਲਿਆਂ ‘ਤੇ ਚਾਨਣਾ ਪਾਇਆ
(ਨਿਊਜ਼ ਟਾਊਨ ਨੈਟਵਰਕ)
ਬੰਗਲੁਰੂ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਸਾਜਗਾਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਅਪਨਾਉਣ ਅਤੇ ਗੌਰ ਨਾਲ ਸੁਣਨ ਲਈ ਹਮੇਸ਼ਾ ਤਿਆਰ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਹੋਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸ ਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰੀ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਦਯੋਗਪਤੀ ਸੂਬਾ ਸਰਕਾਰ ਨੂੰ ਵੱਧ ਤੋਂ ਵੱਧ ਸਮਰਥਨ ਦੇਣਗੇ, ਜਿਸ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਮੌਜੂਦ ਸਨ।