ਸਮਾਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਮਗਰੋਂ ਸਿੱਖਾਂ ’ਚ ਰੋਸ

ਬੇਅਦਬੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਦੁਹਰਾਈ

ਸਮਾਣਾ, 17 ਮਾਰਚ (ਨਿਊਜ਼ ਟਾਊਨ ਨੈਟਵਰਕ) : ਭਵਾਨੀਗੜ੍ਹ ਰੋਡ ’ਤੇ ਇੱਕ ਪ੍ਰੋਪਰਟੀ ਦਫਤਰ ਦੇ ਬਾਹਰ ਪਵਿੱਤਰ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਸੰਵੇਦਨਸ਼ੀਲ ਘਟਨਾ ਸਮਾਣਾ ਦੇ ਭਵਾਨੀਗੜ੍ਹ ਰੋਡ ’ਤੇ ਸਥਿਤ ਲੂਥਰਾ ਪ੍ਰੋਪਰਟੀ ਦਫਤਰ ਦੇ ਬਾਹਰ ਵਾਪਰੀ। ਸਵੇਰੇ ਕਰੀਬ ਸਾਢੇ 4 ਵਜੇ ਦੇ ਆਸ-ਪਾਸ ਦਫਤਰ ਦੇ ਨੌਕਰ ਨੇ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮਾਲਿਕ ਜਸਵਿੰਦਰ ਸਿੰਘ ਲੂਥਰਾ ਮੌਕੇ ’ਤੇ ਪਹੁੰਚੇ ਅਤੇ ਸਿੱਖ ਸੰਗਤਾਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਡੀਐਸਪੀ ਸਮਾਣਾ ਫਤਿਹ ਸਿੰਘ ਬਰਾੜ, ਐਸਐਚਓ ਸਿਟੀ ਬਲਜੀਤ ਸਿੰਘ ਅਤੇ ਸੀਆਈਏ ਸਟਾਫ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਧਰਮ ਯੁੱਧ ਮੋਰਚੇ ਨਾਲ ਜੁੜੇ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਲਈ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਵੀ ਦੁਹਰਾਈ ਹੈ। ਡੀਐਸਪੀ ਸਮਾਣਾ ਡੀਐਸਪੀ ਫਤਿਹ ਸਿੰਘ ਬਰਾੜ ਨੇ ਕਿਹਾ ਕਿ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ।
