ਸੰਗਰੂਰ ਨੂੰ ਮਿਲਿਆ ਓਲੰਪਿਕ ਪੱਧਰ ਦਾ ਸਵਿਮਿੰਗ ਪੂਲ : ਸੀਐਮ ਮਾਨ

0
Maan

ਸੰਗਰੂਰ ਨੂੰ ਮਿਲਿਆ ਓਲੰਪਿਕ ਪੱਧਰ ਦਾ ਸਵਿਮਿੰਗ...

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਆਉਣ ਵਾਲੇ ਸਮੇਂ ਵਿੱਚ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਦੀ ਨਰਸਰੀ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ 50 ਮੀਟਰ ਲੰਬੇ ਅਤੇ 21 ਮੀਟਰ ਚੌੜੇ ਇਸ ਆਧੁਨਿਕ ਸਵਿਮਿੰਗ ਪੂਲ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਾਰੀਆਂ ਸਹੂਲਤਾਂ ਉਪਲਬਧ ਹਨ। ਖਿਡਾਰੀਆਂ ਲਈ ਵੱਖਰੇ ਚੇਂਜਿੰਗ ਰੂਮ, ਸ਼ਾਵਰ, ਕੋਚਾਂ ਲਈ ਵਿਸ਼ੇਸ਼ ਕਮਰੇ, ਜਿਮ ਅਤੇ ਸੱਤ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਿੰਨੀ ਸਵਿਮਿੰਗ ਪੂਲ ਵੀ ਬਣਾਇਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਨੂੰ ਅਣਗੌਲਿਆ ਕੀਤਾ, ਜਦਕਿ ਉਨ੍ਹਾਂ ਦੀ ਸਰਕਾਰ ਨੇ ਖੇਡ ਬਜਟ ਨੂੰ 200 ਕਰੋੜ ਰੁਪਏ ਤੋਂ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ ਹੈ ਅਤੇ ਸੂਬੇ ਵਿੱਚ ਜਲਦ ਹੀ ਪੰਜਾਬ ਕ੍ਰਿਕਟ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਵੀ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸੋਨ ਤਗਮੇ ਲਈ 1 ਕਰੋੜ, ਚਾਂਦੀ ਲਈ 75 ਲੱਖ ਅਤੇ ਕਾਂਸੀ ਲਈ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 3,100 ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਮੁੱਖ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਭਰੋਸਾ ਦਿੱਤਾ ਕਿ ਖੇਡਾਂ ਦੇ ਵਿਕਾਸ ਲਈ ਸਹੂਲਤਾਂ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *