ਸਫਾਈ ਸੇਵਕਾਂ ਦੀ ਹੜਤਾਲ ਅੱਠਵੇਂ ਦਿਨ ਵਿੱਚ ਦਾਖਲ, ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ

0

ਗੁਰੂ ਹਰ ਸਹਾਏ, 7 ਮਈ (ਮਿੰਟੂ ਕੰਧਾਰੀ) ਸ਼ਹਿਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵੱਲੋਂ ਚਲਾਈ ਜਾ ਰਹੀ ਹੜਤਾਲ ਵੀਰਵਾਰ ਨੂੰ ਅੱਠਵੇਂ ਦਿਨ ਵਿੱਚ ਦਾਖਲ ਹੋ ਗਈ। ਲਗਾਤਾਰ ਚੱਲ ਰਹੇ ਇਸ ਸੰਘਰਸ਼ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਬਾਜ਼ਾਰਾਂ ਅਤੇ ਵੱਖ-ਵੱਖ ਵਾਰਡਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਦਕਿ ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਧਰਨੇ ‘ਤੇ ਬੈਠੇ ਕਰਮਚਾਰੀਆਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।

ਧਰਨੇ ਨੂੰ ਲਗਾਤਾਰ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਬਾਲ ਕਿਸਾਨ ਯੂਨੀਅਨ ਅੰਗਦ ਦੇ ਆਗੂ ਵਿਸ਼ੇਸ਼ ਤੌਰ ‘ਤੇ ਧਰਨਾ ਸਥਲ ‘ਤੇ ਪਹੁੰਚੇ ਅਤੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਮਿਹਨਤਕਸ਼ ਕਰਮਚਾਰੀਆਂ ਦੀ ਅਣਦੇਖੀ ਕਰਨਾ ਠੀਕ ਨਹੀਂ ਅਤੇ ਸਰਕਾਰ ਨੂੰ ਜਲਦ ਹੱਲ ਕੱਢਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਐਸਐਮਡੀ ਫਾਊਂਡੇਸ਼ਨ ਵੱਲੋਂ ਚੌਧਰੀ ਨਰਿੰਦਰ ਸਿੰਘ ਨੇ ਵੀ ਧਰਨੇ ਵਿੱਚ ਪਹੁੰਚ ਕੇ ਕਰਮਚਾਰੀਆਂ ਦਾ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ‘ਤੇ ਤੁਰੰਤ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਧਰਨੇ ਦੌਰਾਨ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਧਰ ਸ਼ਹਿਰ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਜਲਦੀ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਸਫਾਈ ਵਿਵਸਥਾ ਮੁੜ ਪਟੜੀ ‘ਤੇ ਆ ਸਕੇ ।

Leave a Reply

Your email address will not be published. Required fields are marked *