21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਰਿਜਿਜੂ ਨੇ ਦਿੱਤੀ ਜਾਣਕਾਰੀ


ਨਵੀਂ ਦਿੱਲੀ, 4 ਜੂਨ (ਨਿਊਜ਼ ਟਾਊਨ ਨੈਟਵਰਕ) : ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਐਲਾਨ ਦਿੱਤੀਆਂ ਗਈਆਂ ਹਨ। ਕੇਂਦਰੀ ਸੰਸਦੀ ਮੰਤਰੀ ਕਿਰੇਨ ਰਿਜਿਜੂ ਨੇ ਦੱਸਿਆ ਕਿ 21 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦਾ ਮਾਨਸੂਨ ਸੈਸ਼ਨ ਆਯੋਜਿਤ ਕੀਤਾ ਜਾਵੇਗਾ। ਵਿਰੋਧੀ ਧਿਰ ਵੱਲੋਂ ਆਪ੍ਰੇਸ਼ਨ ਸਿੰਦੂਰ ਤੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਲਗਾਤਾਰ ਕੀਤੀ ਜਾ ਰਹੀ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਵਿਚ ਸਰਕਾਰ ਨੇ ਇਹ ਐਲਾਨ ਕੀਤਾ ਹੈ। ਬੀਮਾ ਸੋਧ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।

ਬਿੱਲ ਵਿੱਚ ਬੀਮਾ ਖੇਤਰ ਵਿੱਚ ਐਫਡੀਆਈ ਸੀਮਾ ਨੂੰ 100 ਪ੍ਰਤੀਸ਼ਤ ਤੱਕ ਵਧਾਉਣ ਦੀ ਮੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਬਿੱਲ ਦਾ ਖਰੜਾ ਤਿਆਰ ਹੈ ਅਤੇ ਜਲਦੀ ਹੀ ਇਸਨੂੰ ਪ੍ਰਵਾਨਗੀ ਲਈ ਕੈਬਨਿਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਵਿੱਤ ਮੰਤਰਾਲੇ ਦੇ ਅਧੀਨ ਵਿੱਤੀ ਸੇਵਾਵਾਂ ਵਿਭਾਗ ਸੰਸਦ ਵਿੱਚ ਬਿੱਲ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ।