ਸ਼ਹੀਦੀ ਸਤਾਬਦੀ ਮੌਕੇ ਸਕੂਲੀ ਬੱਚਿਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ


ਕੁਰਾਲੀ, 27 ਨਵੰਬਰ (ਰਾਜਾ ਸਿੰਘ ਭੰਗੂ)
ਸਥਾਨਕ ਸੀਸਵਾਂ ਮਾਰਗ ਤੇ ਸਥਿਤ ਪਿੰਡ ਫਤਹਿਗੜ੍ਹ ਅਤੇ ਨੱਗਲ ਗੜੀਆਂ ਦਰਮਿਆਨ ਪੈਂਦੇ ਵੰਡਰ ਸਕੂਲ ਵਿਖੇ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਪਾਈ ਮਤੀ ਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸਮੁੱਚੀਆਂ ਜਮਾਤਾਂ ਦੇ ਬੱਚਿਆਂ ਨੂੰ ਸਿੱਖ ਧਰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਦੌਰਾਨ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਣ ਅਤੇ ਧਾਰਮਿਕ ਗੀਤ ਵੀ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ 350 ਸਾਲਾ ਸ਼ਹੀਦੀ ਸਤਾਬਦੀ ਸਬੰਧੀ ਪੋਸਟਰ ਵੀ ਬਣਾਏ ਗਏ ਅਤੇ ਸਕੂਲ ਦੀ ਪ੍ਰਿੰਸੀਪਲ ਨਿਧੀ ਕਾਂਸਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਨਿਧੀ ਕਾਂਸਲ ਨੇ ਇਸ ਮੌਕੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਵਿੱਚੋਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਲ ਵਿੱਚ ਢਾਲਣ ਦੀ ਤਾਕੀਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਹੀ ਅਸੀਂ ਆਪਣਾ ਜੀਵਨ ਆਨੰਦਪੂਰਵਕ ਬਤੀਤ ਕਰ ਸਕਦੇ ਹਾਂ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਮੈਂਬਰਾਂ ਨੇ 350 ਸਾਲਾ ਸ਼ਹੀਦੀ ਸਤਾਬਦੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ।
