ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਨਿਰੰਤਰ ਜਾਰੀ

0
asr 222222222

ਪ੍ਰਭਾਵਿਤ ਇਲਾਕਿਆਂ ‘ਚ ਮੈਡੀਕਲ ਸਹੂਲਤਾਂ ਲਈ ਡਾਕਟਰੀ ਟੀਮਾਂ ਕੀਤੀਆਂ ਤਾਇਨਾਤ

ਅੰਮ੍ਰਿਤਸਰ, 1 ਸਤੰਬਰ (ਮੋਹਕਮ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ ਜ਼ਰੂਰੀ ਵਸਤੂਆਂ ਪਹੁੰਚਾ ਰਹੇ ਹਨ, ਉਥੇ ਹੀ ਮੈਡੀਕਲ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਡਾਕਟਰੀ ਟੀਮਾਂ ਵੀ ਇਨ੍ਹਾਂ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਹਨ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਨਾਲ ਲਗਦਾ ਹਲਕਾ ਡੇਰਾ ਬਾਬਾ ਨਾਨਕ, ਰਮਦਾਸ ਤੇ ਅਜਨਾਲਾ ਜਿਥੇ ਹੜ੍ਹਾਂ ਦੀ ਵੱਡੀ ਮਾਰ ਝੱਲ ਰਿਹਾ ਹੈ, ਉਥੇ ਹੀ ਬਿਆਸ ਦਰਿਆ ਨਾਲ ਪੈਂਦੇ ਸੁਲਤਾਨਪੁਰ ਲੋਧੀ ਵਿਚ ਵੀ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀਆਂ ਹਦਾਇਤਾਂ ’ਤੇ ਪਹਿਲੇ ਦਿਨ ਤੋਂ ਹੀ ਰਾਹਤ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਤੇ ਲੋੜਾਂ ਅਨੁਸਾਰ ਜ਼ਰੂਰੀ ਵਸਤੂਆਂ ਭੇਜੀਆਂ ਜਾ ਰਹੀਆਂ ਹਨ। ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਅੰਦਰ ਰਹਿੰਦੇ ਲੋਕਾਂ ਨੂੰ ਵੱਡੀਆਂ ਸਿਹਤ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੀਆਂ ਹੋਰ ਰਾਹਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸਬੰਧਤ ਇਲਾਕਿਆਂ ਵਿਚ ਭੇਜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ ਦੇ ਸਹਿਯੋਗ ਨਾਲ 4 ਐਬੂਲੈਂਸਾਂ ਅਤੇ ਡਾਕਟਰੀ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਹਨ। ਲੋੜਵੰਦਾਂ ਦੀ ਮੈਡੀਕਲ ਜਾਂਚ ਦੇ ਨਾਲ-ਨਾਲ ਮੁਫ਼ਤ ਦਵਾਈਆਂ ਦਾ ਖ਼ਾਸ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਆਉਣ ਵਾਲੇ ਮਰੀਜ਼ਾਂ ਦੇ ਮੁਫ਼ਤ ਇਲਾਜ਼ ਦਾ ਪ੍ਰਬੰਧ ਕੀਤਾ ਗਿਆ ਹੈ।

Leave a Reply

Your email address will not be published. Required fields are marked *