ਸੋਨਮ ਵਾਂਗਚੁਕ ਦੀ ਪਤਨੀ ਨੇ ਕਿਹਾ ਮੇਰੀ ਇਜਾਜ਼ਤ ਤੋਂ ਬਿਨਾ ਈਲਾਜ ਨਾ ਹੋਵੇ

ਸੋਨਮ ਵਾਂਗਚੁਕ ਦੀ ਪਤਨੀ ਨੇ ਕਿਹਾ ਮੇਰੀ...
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਤੋਂ ਹਟਾ ਕੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਉਹ ਪਿਛਲੇ 21 ਦਿਨਾਂ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਐਂਗਮੋ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਸੋਨਮ ਵਾਂਗਚੁਕ ਨੂੰ ਕਿਸੇ ਵੀ ਤਰ੍ਹਾਂ ਦਾ ਡਾਕਟਰੀ ਇਲਾਜ ਜਾਂ ਦਵਾਈ ਨਾ ਦਿੱਤੀ ਜਾਵੇ।
ਉਨ੍ਹਾਂ ਕਿਹਾ, “ਸੋਨਮ ਸਫ਼ਦਰਜੰਗ ਹਸਪਤਾਲ ਵਿੱਚ ਹਨ। ਮੇਰੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਨੂੰ ਕੁਝ ਵੀ ਨਾ ਦਿੱਤਾ ਜਾਵੇ। ਮੇਰੀ ਮਨਜ਼ੂਰੀ ਤੋਂ ਬਿਨਾਂ ਕੋਈ ਇਲਾਜ ਸ਼ੁਰੂ ਨਹੀਂ ਹੋਣਾ ਚਾਹੀਦਾ। ਜੇ ਉਨ੍ਹਾਂ ਨਾਲ ਕੁਝ ਵੀ ਹੁੰਦਾ ਹੈ ਤਾਂ ਮੈਂ ਸਬੰਧਤ ਸਾਰਿਆਂ ਨੂੰ ਜਵਾਬਦੇਹ ਠਹਿਰਾਵਾਂਗੀ।” ਐਂਗਮੋ ਨੇ ਵਾਂਗਚੁਕ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੇ ਫ਼ੈਸਲੇ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾ ਦਾਅਵਾ ਹੈ ਕਿ ਸ਼ੁੱਕਰਵਾਰ ਨੂੰ ਵਾਂਗਚੁਕ ਦੀ ਸਿਹਤ ਠੀਕ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਈ ਲੋੜ ਨਹੀਂ ਸੀ।
ਉਨ੍ਹਾਂ ਕਿਹਾ, “ਕੱਲ੍ਹ ਉਹ ਠੀਕ ਸਨ। ਉਨ੍ਹਾਂ ਨੂੰ ਹਸਪਤਾਲ ਲਿਆਉਣ ਦੀ ਕੋਈ ਲੋੜ ਨਹੀਂ ਸੀ। ਮੇਰੀ ਸਹਿਮਤੀ ਅਤੇ ਮੇਰੇ ਡਾਕਟਰ ਦੀ ਮਨਜ਼ੂਰੀ ਤੋਂ ਬਿਨਾਂ ਉਨ੍ਹਾਂ ਨੂੰ ਕੋਈ ਵੀ ਇਲਾਜ ਨਹੀਂ ਦਿੱਤਾ ਜਾ ਸਕਦਾ।” ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਪੇਪਰ ਲੀਕ ਮਾਮਲੇ ਦੀ ਜਾਂਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕਰ ਰਹੇ ਹਨ। ਪੁਲਿਸ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵਿਸਤ੍ਰਿਤ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
