Akal Takht ਵਿਖੇ ਅੱਜ ਪੇਸ਼ ਹੋਣਗੇ ਸਪੀਕਰ ਕੁਲਤਾਰ ਸਿੰਘ ਸੰਧਵਾਂ

0

ਅੰਮ੍ਰਿਤਸਰ, 8 ਮਈ (ਨਿਊਜ਼ ਟਾਊਨ ਨੈਟਵਰਕ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੇਸ਼ ਹੋਣਗੇ ਜਿੱਥੇ ਉਹ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨਵੇਂ ਬਣਾਏ ਗਏ ਐਕਟ ਸਬੰਧੀ ਸੰਗਤ ਦੀਆਂ ਸ਼ੰਕਿਆਂ ਬਾਰੇ ਸਪੱਸ਼ਟ ਕਰਨਗੇ। ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ (ਸੋਧ) 2026 ਬਣਾਇਆ ਗਿਆ ਹੈ। ਜਿਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਇਹ ਐਕਟ ਸਰਬ ਸੰਮਤੀ ਨਾਲ ਮਨਾਇਆ ਗਿਆ ਹੈ। ਦੂਜੇ ਪਾਸੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਵੱਲੋਂ ਸਿੱਖ ਵਿਦਵਾਨਾਂ, ਪੰਥਕ ਜਥੇਬੰਦੀਆਂ ਅਤੇ ਕਾਨੂੰਨੀ ਮਾਹਰਾਂ ਦੀ ਸੱਦੀ ਗਈ ਇੱਕ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਇਸ ਕਾਨੂੰਨ ਬਾਰੇ ਕਈ ਸ਼ੰਕੇ ਪ੍ਰਗਟਾਏ ਗਏ ਸਨ ਅਤੇ ਪੰਥਕ ਸਹਿਮਤੀ ਤੋਂ ਬਿਨਾਂ ਇਸ ਕਾਨੂੰਨ ਨੂੰ ਮਾਨਤਾ ਦੇਣ ਤੋਂ ਨਾਂਹ ਕਰ ਦਿੱਤੀ ਸੀ।

ਇਸ ਮਾਮਲੇ ਵਿੱਚ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਨ੍ਹਾਂ ਸ਼ੰਕਿਆਂ ਬਾਰੇ ਸਪਸ਼ਟ ਕਰਨ ਲਈ ਸ੍ਰੀ ਅਕਾਲ ਤਖ਼ਤ ਵਿਖੇ ਸੱਦਿਆ ਗਿਆ ਸੀ।

ਮਿਲੀ ਜਾਣਕਾਰੀ ਦੇ ਮੁਤਾਬਕ ਸ੍ਰੀ ਸੰਧਵਾਂ ਲਗਪਗ 11 ਵਜੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਜਥੇਦਾਰ ਕੋਲ ਪੇਸ਼ ਹੋਣਗੇ।

ਇਸ ਨਵੇਂ ਬਣਾਏ ਕਾਨੂੰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗ੍ਰੰਥੀ, ਪ੍ਰਚਾਰਕਾਂ ਅਤੇ ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਇਸ ਸਬੰਧੀ ਜੋ ਵੀ ਫੈਸਲਾ ਲੈਣਗੇ ,ਉਹ ਉਹਨਾਂ ਨੂੰ ਮਨਜ਼ੂਰ ਹੋਵੇਗਾ।

ਉਹਨਾਂ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਨੂੰ ਮੁੜ ਵਿਚਾਰ ਕਰਨ ਅਤੇ ਕੁਝ ਮਦਾਂ ਵਿੱਚ ਸੋਧ ਕਰਨ ਦਾ ਸੁਝਾਅ ਦਿੱਤਾ ਗਿਆ ਸੀ।

ਇਸ ਦੌਰਾਨ ਅੱਜ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਉਹ ਲਗਭਗ 1 ਵਜੇ ਇੱਥੇ ਪੇਸ਼ ਹੋਣਗੇ। ਉਹਨਾਂ ਨੂੰ ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਦੇ ਅੰਮ੍ਰਿਤਧਾਰੀ ਹੋਣ ਸਬੰਧੀ ਸਪੱਸ਼ਟ ਕਰਨ ਲਈ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੱਦਿਆ ਜਾ ਚੁੱਕਾ ਹੈ।

Leave a Reply

Your email address will not be published. Required fields are marked *